ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਪਰਕਰਮਾਂ ਦੇ ਕਰਮਚਾਰੀਆਂ ਨਾਲ ਇਕੱਤਰਤਾ ਕਰਕੇ ਕੀਤੀਆਂ ਵਿਚਾਰਾਂ

ਅੰਮ੍ਰਿਤਸਰ, 18 ਅਗਸਤ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਭਰਵੀਂ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਲੋੜੀਂਦੇ ਪ੍ਰਬੰਧ ਕੀਤੇ ਜਾਂਦੇ ਹਨ, ਉਥੇ ਹੀ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਅੰਦਰ ਸੇਵਾ ਨਿਭਾਅ ਰਹੇ ਕਰਮਚਾਰੀਆਂ ਵੱਲੋਂ ਨਿਭਾਈ ਜਾਂਦੀ ਭੂਮਿਕਾ ਵੀ ਬੇਹੱਦ ਅਹਿਮ ਹੈ। ਇਨ੍ਹਾਂ ਕਰਮਚਾਰੀਆਂ ਨੂੰ ਸਮੇਂ-ਸਮੇਂ ’ਤੇ ਡਿਊਟੀ ਪ੍ਰਤੀ ਚੇਤੰਨ ਕਰਨ ਲਈ ਕੀਤੀਆਂ ਜਾਂਦੀਆਂ ਇਕੱਤਰਤਾਵਾਂ ਤਹਿਤ ਅੱਜ ਇਕ ਵਿਸ਼ੇਸ਼ ਬੈਠਕ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ਼ਾਮਲ ਹੋ ਕੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਭਾਈ ਗਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰ ਸ਼ਰਧਾਲੂ ਸ਼ਰਧਾ ਤੇ ਸਤਿਕਾਰ ਦੀ ਭਾਵਨਾ ਨਾਲ ਪੁੱਜਦਾ ਹੈ, ਜਿਸ ਦਾ ਸਵਾਗਤ ਅਤੇ ਸਤਿਕਾਰ ਕਰਨਾ ਸਾਡਾ ਮੁੱਢਲਾ ਫ਼ਰਜ਼ ਹੈ। ਇਸ ਕਾਰਜ ਵਿਚ ਪਰਕਰਮਾਂ ਦੇ ਸੇਵਾਦਾਰਾਂ ਦੀ ਅਹਿਮ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਨਿਰੰਤਰ ਵਧਦੀ ਆਮਦ ਕਾਰਨ ਪ੍ਰਬੰਧਾਂ ਵਿਚ ਸਮੇਂ-ਸਮੇਂ ਲੋੜੀਂਦੀਆਂ ਤਬਦੀਲੀਆਂ ਅਤੇ ਚੇਤਨਤਾ ਵਿਚ ਪੁਖਤਗੀ ਬਹੁਤ ਜ਼ਰੂਰੀ ਹੈ। ਜੇਕਰ ਕਿਸੇ ਵੀ ਕਾਰਨ ਸ਼ਰਧਾਲੂ ਦੇ ਮਨ ਨੂੰ ਠੇਸ ਪੁੱਜਦੀ ਹੈ ਤਾਂ ਉਸ ਦਾ ਅਸਰ ਸਿੱਖ ਸੰਸਥਾ ’ਤੇ ਪੈਣਾ ਕੁਦਰਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਹੀ ਪਰਕਰਮਾਂ ਦੇ ਕਰਮਚਾਰੀ ਆਪਣੀ ਜ਼ੁੰਮੇਵਾਰੀ ਬੇਹਤਾਰ ਢੰਗ ਨਾਲ ਨਿਭਾਅ ਰਹੇ ਹਨ, ਪਰ ਸਮੇਂ-ਸਮੇਂ ’ਤੇ ਹੋਰ ਬੇਹਤਰ ਪ੍ਰਬੰਧਾਂ ਲਈ ਵਿਚਾਰ-ਵਟਾਂਦਰਾ ਅਤੇ ਸੁਝਾਅ ਚੰਗੇ ਨਤੀਜੇ ਦਿੰਦੇ ਹਨ। ਉਨ੍ਹਾਂ ਕਿਹਾ ਕਿ ਗਰਮੀ ਦੀਆਂ ਛੁੱਟੀਆਂ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਹਾਜ਼ਰੀ ਦੌਰਾਨ ਸੇਵਾਦਾਰਾਂ ਵੱਲੋਂ ਤਨਦੇਹੀ ਨਾਲ ਨਿਭਾਈ ਡਿਊਟੀ ਸ਼ਲਾਘਾਯੋਗ ਹੈ ਅਤੇ ਭਵਿੱਖ ਅੰਦਰ ਵੀ ਇਸੇ ਦਿਸ਼ਾ ਵਿਚ ਹੀ ਸੇਵਾਵਾਂ ਦੀ ਆਸ ਕਰਦੇ ਹਾਂ। ਇਸ ਮੌਕੇ ਪਰਕਰਮਾਂ ਦੇ ਕਰਮਚਾਰੀਆਂ ਵੱਲੋਂ ਡਿਊਟੀ ਦੌਰਾਨ ਹੋਏ ਨਿੱਜੀ ਤਜ਼ਰਬਿਆਂ ’ਚੋਂ ਕਈ ਸੁਝਾਅ ਵੀ ਦਿੱਤੇ ਗਏ।