ਅੰਮ੍ਰਿਤਸਰ, 19 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਪ੍ਰੀਤਮ ਸਿੰਘ ਕੁਮੇਦਾਨ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਵੱਡਾ ਯੋਗਦਾਨ ਪਾਇਆ ਅਤੇ ਉਹ ਸੂਬਿਆਂ ਨੂੰ ਵਧੇਰੇ ਅਧਿਕਾਰ ਦੇਣ ਲਈ ਹਮੇਸ਼ਾ ਅਵਾਜ਼ ਚੁੱਕਦੇ ਰਹੇ। ਉਨ੍ਹਾਂ ਕਿਹਾ ਕਿ ਸ. ਕੁਮੇਦਾਨ ਪੰਜਾਬ ਦੇ ਮਸਲਿਆਂ ਨੂੰ ਸਮਰਪਿਤ ਸ਼ਖ਼ਸੀਅਤ ਸਨ, ਜਿਨ੍ਹਾਂ ਵੱਲੋਂ ਪਾਣੀਆਂ ਦੀ ਰਾਖੀ ਲਈ ਨਿਭਾਈ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ. ਕੁਮੇਦਾਨ ਦਾ ਅਕਾਲ ਚਲਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਜਾਬ ਤੇ ਪੰਜਾਬੀਆਂ ਲਈ ਵੱਡਾ ਘਾਟਾ ਹੈ ਜੋ ਪੂਰਾ ਨਹੀਂ ਹੋ ਸਕਦਾ। ਐਡਵੋਕੇਟ ਧਾਮੀ ਨੇ ਸ. ਪ੍ਰੀਤਮ ਸਿੰਘ ਕੁਮੇਦਾਨ ਦੇ ਪਰਿਵਾਰ ਨਾਲ ਦੁੱਖ ਦਾ ਇਜਹਾਰ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।