ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ) ੪ ਜੁਲਾਈ, ੨੦੨੫ (ਅੰਗ: ੬੧੪)

ਅੰਮ੍ਰਿਤਸਰ, 25 ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਅਨੈਤਿਕ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸਨੂੰ ਪੰਜਾਬ ਸਰਕਾਰ ਦੀ ਬੁਖਲਾਹਟ ਅਤੇ ਸਿਆਸੀ ਦੁਸ਼ਮਣੀ ਤੋਂ ਪ੍ਰੇਰਿਤ ਕਦਮ ਕਰਾਰ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਇਕ ਲੋਕਤੰਤਰ ਵਿਚ ਕਿਸੇ ਵੀ ਜਨਤਕ ਆਗੂ ਨੂੰ ਧੱਕੇਸ਼ਾਹੀ ਦੇ ਅੰਦਾਜ਼ ਵਿਚ ਗ੍ਰਿਫਤਾਰ ਕਰਨਾ ਬੇਹੱਦ ਨਿੰਦਣਯੋਗ ਹੈ। ਸ. ਮਜੀਠੀਆ ਸਿਰਫ਼ ਸਿਆਸੀ ਆਗੂ ਹੀ ਨਹੀਂ, ਸਗੋਂ ਪਰਿਵਾਰਕ ਤੇ ਸਮਾਜਿਕ ਤੌਰ ਉੱਤੇ ਵੀ ਲੋਕਾਂ ਵਿੱਚ ਆਪਣੀ ਵਧੀਆ ਪਛਾਣ ਰੱਖਦੇ ਹਨ। ਉਨ੍ਹਾਂ ਦੀ ਪਤਨੀ ਬੀਬੀ ਗਨੀਵ ਕੌਰ ਮਜੀਠੀਆ ਵੀ ਲੋਕਤੰਤਰੀ ਢੰਗ ਨਾਲ ਚੁਣੀ ਗਈ ਮਜੂਦਾ ਵਿਧਾਇਕ ਹਨ, ਜਿਸ ਦੇ ਬਾਵਜੂਦ ਮਜੀਠੀਆ ਪਰਿਵਾਰ ਦੇ ਘਰ ਬਿਨਾਂ ਕਿਸੇ ਨੋਟਿਸ ਦੇ ਹੰਕਾਰੀ ਢੰਗ ਨਾਲ ਘੁਸਪੈਠ ਕਰਨਾ ਸਰਕਾਰ ਦੀ ਘਟੀਆ ਸੋਚ ਨੂੰ ਬਿਆਨ ਕਰਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਧੀਆਂ-ਭੈਣਾਂ ਨੂੰ ਡਰਾਉਣਾ, ਉਨ੍ਹਾਂ ਨਾਲ ਬਦਸਲੂਕੀ ਕਰਨੀ ਅਤੇ ਇੱਕ ਚੁਣੀ ਹੋਈ ਪ੍ਰਤੀਨਿਧੀ ਨਾਲ ਬੇਅਦਬੀ ਵਾਲਾ ਵਿਵਹਾਰ ਕਰਨਾ ਪੰਜਾਬੀ ਸੱਭਿਆਚਾਰ ਅਤੇ ਨੈਤਿਕ ਕਦਰਾਂ ਕੀਮਤਾਂ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜਾਂਚ ਜਾ ਪੁੱਛਗਿੱਛ ਕਰਨੀ ਸੀ ਤਾਂ ਉਸ ਲਈ ਕਾਨੂੰਨੀ ਢੰਗ ਤਰੀਕਾ ਅਪਣਾਇਆ ਜਾਣਾ ਚਾਹੀਦਾ ਹੈ। ਲੋਕਤੰਤਰ ਅਤੇ ਨੈਤਿਕ ਮੁੱਲਾਂ ਦੀ ਉਲੰਘਣਾ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਬਦਲਾਖੋਰੀ ਦੀ ਭਾਵਨਾ ਉਜਾਗਰ ਕਰਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਰਾਜ ਵਿਚ ਕਾਨੂੰਨ ਦੀ ਪਾਲਣਾ ਹੋਣੀ ਚਾਹੀਦੀ ਹੈ, ਨਾ ਕਿ ਵਿਅਕਤੀਗਤ ਰੰਜਿਸ਼ਾਂ ਅਤੇ ਬਦਲਾਖੋਰੀ ਦੀ ਆੜ ’ਚ ਅਧਿਕਾਰਾਂ ਦਾ ਦੁਰਉਪਯੋਗ।