
ਬੀਤੇ ਦਿਨੀਂ ਹਰਿਆਣਾ ਦੇ ਹਿਸਾਰ ’ਚ ਕੁਝ ਲੋਕਾਂ ਵੱਲੋਂ ਸਿੱਖ ਪਰਿਵਾਰ ਦੀ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਮੁਕੰਮਲ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਸਬ-ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਸਾਰ ਘਟਨਾ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਸਬ-ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਉਨ੍ਹਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਲਦੇਵ ਸਿੰਘ ਖ਼ਾਲਸਾ ਅਤੇ ਬੀਬੀ ਅਮਰਜੀਤ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦੇ ਕੋਆਰਡੀਨੇਟਰ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਭਾਈ ਮੰਗਪ੍ਰੀਤ ਸਿੰਘ ਨੂੰ ਲਗਾਇਆ ਗਿਆ ਹੈ। ਸ. ਬੇਦੀ ਅਨੁਸਾਰ ਇਹ ਸਬ-ਕਮੇਟੀ ਸਬੰਧਤ ਪਰਿਵਾਰ ਨਾਲ ਰਾਬਤਾ ਬਣ ਕੇ ਉਨ੍ਹਾਂ ਪਾਸੋਂ ਮੁਕੰਮਲ ਜਾਣਕਾਰੀ ਪ੍ਰਾਪਤ ਕਰਕੇ ਜਲਦ ਹੀ ਆਪਣੀ ਰਿਪੋਰਟ ਪੇਸ਼ ਕਰੇਗੀ।