ਅੰਮ੍ਰਿਤਸਰ, 16 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਖਿਆ ਕਿ ਭਾਈ ਸਾਹਿਬ ਨੇ ਗੁਰੂ ਬਖ਼ਸ਼ੀ ਕੀਰਤਨ ਦੀ ਸੇਵਾ ਦੁਆਰਾ ਦੇਸ਼-ਵਿਦੇਸ਼ ਦੀ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰਸਿੱਖੀ ਜੀਵਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦਾ ਅਕਾਲ ਚਲਾਣਾ ਸਿੱਖ ਪੰਥ ਲਈ ਵੱਡਾ ਘਾਟਾ ਹੈ। ਗੁਰੂ ਘਰ ਦੇ ਕੀਰਤਨੀਏ ਸਿੰਘਾਂ ਦਾ ਪੰਥ ਵਿਚ ਅਹਿਮ ਸਥਾਨ ਹੈ ਅਤੇ ਭਾਈ ਹਰਨਾਮ ਸਿੰਘ ਦੇ ਚਲਾਣੇ ਨਾਲ ਸਿੱਖ ਸੰਗਤਾਂ ਵਿਚ ਸੋਗ ਦੀ ਲਹਿਰ ਹੈ। ਭਾਈ ਲੌਂਗੋਵਾਲ ਨੇ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰਾਨ ਅਤੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰਾਂ ਨੇ ਵੀ ਭਾਈ ਹਰਨਾਮ ਸਿੰਘ ਦੇ ਚਲਾਣੇ ਨੂੰ ਦੁਖਮਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਸਮੇਤ ਹੋਰਾਂ ਨੇ ਵੀ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। Post navigation ਹੁਲੜਬਾਜ਼ਾਂ ਵੱਲੋਂ ਸ਼ਾਂਤ ਮਾਹੌਲ ਨੂੰ ਖਰਾਬ ਕਰਨਾ ਮੰਦਭਾਗਾ-ਸ਼੍ਰੋਮਣੀ ਕਮੇਟੀ ਬੁਲਾਰਾ ਸ੍ਰੀ ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਵੱਲੋਂ ਐਕਸ.ਯੂ.ਵੀ. ਗੱਡੀ ਭੇਟ