ਅੰਮ੍ਰਿਤਸਰ, ੧੦ ਜਨਵਰੀ- ੧੯੮੪ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸਵੇਰ ਦੇ ਨਿਤਨੇਮ ਮਗਰੋਂ ਅਰਦਾਸ ਬੇਨਤੀ ਕੀਤੀ ਗਈ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਿੱਖ ਜਗਤ ਨੂੰ ਅਪੀਲ ਕੀਤੀ ਗਈ ਸੀ ਕਿ ੧੦ ਜਨਵਰੀ ਨੂੰ ਦੇਸ਼-ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਅਰਦਾਸ ਕਰੇ। ਇਸੇ ਅਪੀਲ ਦੇ ਮੱਦੇਨਜਰ ਅੱਜ ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸਮੂਹ ਗੁਰੂ ਘਰਾਂ ਵਿਚ ਅਰਦਾਸ ਹੋਈ, ਉਥੇ ਹੀ ਹੋਰ ਸਥਾਨਕ ਗੁਰਦੁਆਰਿਆਂ ਵਿਚ ਵੀ ਸੰਗਤ ਅਰਦਾਸ ਲਈ ਜੁੜੀ। ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਹੋਇਆ, ਜਿਸ ਵਿਚ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਅਰਦਾਸ ਕੀਤੀ। ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਸਮੇਤ ਵੱਡੀ ਗਿਣਤੀ ਵਿਚ ਸਟਾਫ ਮੈਂਬਰ ਤੇ ਸੰਗਤ ਹਾਜ਼ਰ ਸੀ। ਇਸੇ ਦੌਰਾਨ ਹੀ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸਮੇਤ ਨੇੜਲੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਵੀ ਅਰਦਾਸ ਕੀਤੀ ਗਈ।