ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਪ੍ਰਬੰਧਾਂ ਨੂੰ ਲੈ ਕੇ ਮੁੰਬਈ ਵਿਖੇ ਸਿੱਖ ਪ੍ਰਤੀਨਿਧਾਂ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 6 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਸੂਬਿਆਂ ਅੰਦਰ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਤਹਿਤ ਇੱਕ ਵਿਸ਼ੇਸ਼ ਸਮਾਗਮ ਮੁੰਬਈ ਵਿਖੇ ੧੯ ਅਕਤੂਬਰ ਨੂੰ ਹੋਵੇਗਾ। ਇਸ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ਦੇ ਪ੍ਰਤੀਨਿਧ ਸਿੱਖਾਂ ਨਾਲ ਇਕੱਤਰਤਾ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਮੁੰਬਈ ਵਿਖੇ ਗੁਰਮਤਿ ਸਮਾਗਮ ਖਾਲਸਾ ਕਾਲਜ ਮਾਟੂੰਗਾ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ੧੯ ਅਕਤੂਬਰ ਨੂੰ ਸਵੇਰੇ ੧੦ ਵਜੇ ਤੋਂ ਦੁਪਹਿਰ ੨ ਵਜੇ ਤਕ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਆਧਾਰਤ ਸੈਮੀਨਾਰ ਹੋਵੇਗਾ ਅਤੇ ਰਾਤ ਨੂੰ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ ਅਨੁਸਾਰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸਬੰਧੀ ਅੱਜ ਮੁੰਬਈ ਵਿਖੇ ਉੱਚ ਪੱਧਰੀ ਮੀਟਿੰਗ ਕੀਤੀ ਗਈ ਹੈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਤਖਤ ਸ੍ਰੀ ਹਜੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਸਿੰਘ ਬਾਵਾ, ਸ. ਤਾਰਾ ਸਿੰਘ ਵਿਧਾਇਕ ਮਹਾਰਾਸ਼ਟਰ, ਸ. ਰਘਬੀਰ ਸਿੰਘ ਬੱਲ ਪ੍ਰਧਾਨ ਸ੍ਰੀ ਗੁਰੂ ਸਿੰਘ ਸਭਾ ਦਾਦਰ, ਸ. ਚਰਨ ਸਿੰਘ ਸਪਰਾ ਸਾਬਕਾ ਵਿਧਾਇਕ, ਸ. ਜਸਬੀਰ ਸਿੰਘ ਧਾਮ ਆਦਿ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਸਿੰਘ ਸਭਾਵਾਂ ਤੇ ਸਭਾ ਸੁਸਾਇਟੀਆਂ ਦੇ ਨੁੰਮਾਇੰਦੇ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ੨੧-੨੨ ਸਤੰਬਰ ਨੂੰ ਮੁੰਬਈ ਵਿਖੇ ਪੁੱਜ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਵੀ ਸਥਾਨਕ ਸਿੱਖ ਨੁੰਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੰਬਈ ਦੀਆਂ ਸੰਗਤਾਂ ਅੰਦਰ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਸਬੰਧੀ ਭਾਰੀ ਉਤਸ਼ਾਹ ਹੈ।