ਅੰਮ੍ਰਿਤਸਰ, 12 ਮਾਰਚ- ਸਿੱਖ ਕੌਮ ਦੇ ਮਹਾਨ ਜਰਨੈਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਛੇਵੇਂ ਮੁਖੀ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਤਹਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ੇਸ਼ ਨਗਰ ਕੀਰਤਨ (ਸ਼ਹੀਦੀ ਫ਼ਤਹਿ ਮਾਰਚ) ਸਜਾਇਆ ਗਿਆ। ਇਸ ਦੌਰਾਨ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਸਮਾਦੀ, ਇਲਾਹੀ ਅਤੇ ਚੜ੍ਹਦੀ ਕਲਾ ਵਾਲਾ ਮਾਹੌਲ ਸਿਰਜ ਰਹੀ ਸੀ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ ਅਤੇ ਪ੍ਰਮੁੱਖ ਸ਼ਖ਼ਸ਼ੀਅਤਾਂ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਹਾਥੀ, ਘੋੜਿਆਂ ਤੇ ਊਠਾਂ ਨਾਲ ਭਰਵੀਂ ਸ਼ਮੂਲੀਅਲ ਦੇ ਨਾਲ-ਨਾਲ ਗਤਕਾ ਅਖਾੜਿਆਂ ਵੱਲੋਂ ਜੰਗਜੂ ਕਲਾ ਦੇ ਜੌਹਰ ਅਤੇ ਬੈਂਡ ਪਾਰਟੀਆਂ ਵੱਲੋਂ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ। ਇਹ ਨਗਰ ਕੀਰਤਨ ਸਵੇਰੇ ਕਰੀਬ 10 ਵਜੇ ਆਰੰਭ ਹੋਇਆ, ਜਿਸ ਦੀ ਸੰਪੂਰਨਾ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦੇ ਹੋਏ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਹੋਈ।
ਇਸ ਤੋਂ ਪਹਿਲਾਂ ਅੱਜ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਨੇ ਸਿੱਖ ਰਾਜ ਦੀ ਕਾਇਮੀ ਅਤੇ ਸਲਾਮਤੀ ਵਾਸਤੇ ਅਹਿਮ ਯੋਗਦਾਨ ਪਾਇਆ, ਜਿਸ ਦੀਆਂ ਸਿੱਖ ਇਤਿਹਾਸ ਅੰਦਰ ਅਮਿੱਟ ਪੈੜਾਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਬੁੱਢਾ ਦਲ ਤੇ ਹੋਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਉਲੀਕੇ ਸ਼ਤਾਬਦੀ ਸਮਾਗਮਾਂ ਵਿਚ ਸੰਗਤ ਨੂੰ ਵਧਚੜ੍ਹ ਕੇ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਵੀ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਨੂੰ ਸਿੱਖ ਇਤਿਹਾਸ ਦੇ ਨਾਇਕ ਕਰਾਰ ਦਿੱਤਾ।
ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਬਾਬਾ ਮੋਹਨ ਸਿੰਘ ਬਾਰਨ ਵਾਲੇ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ ਵਾਲੇ, ਬਾਬਾ ਨਾਗਰ ਸਿੰਘ, ਬਾਬਾ ਮੇਜਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਹਰਵਿੰਦਰ ਸਿੰਘ ਖਾਲਸਾ ਬਠਿੰਡਾ, ਸ. ਕੁਲਦੀਪ ਸਿੰਘ ਤੇੜਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਚਰਨ ਸਿੰਘ ਕੋਹਾਲਾ, ਸ. ਕੁਲਦੀਪ ਸਿੰਘ ਰੋਡੇ, ਪ੍ਰੋ. ਸੁਖਦੇਵ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਅਕਾਲੀ ਆਗੂ ਸ. ਕਰਨੈਲ ਸਿੰਘ ਪੀਰਮੁਹੰਮਦ, ਸ. ਗੁਰਪ੍ਰੀਤ ਸਿੰਘ ਟਿੱਕਾ, ਸ. ਮਨਜੀਤ ਸਿੰਘ ਭੋਮਾ, ਬਾਬਾ ਮਲਵਿੰਦਰ ਸਿੰਘ, ਬਾਬਾ ਸ਼ਿੰਦਾ ਸਿੰਘ, ਬਾਬਾ ਭਗਤ ਸਿੰਘ ਆਦਿ ਮੌਜੂਦ ਸਨ।

ਸ਼ਤਾਬਦੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਮੁੱਖ ਸਮਾਗਮ 14 ਮਾਰਚ ਨੂੰ
ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਤਹਿਤ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ, ਜਿਸ ਦੇ ਭੋਗ ਉਪਰੰਤ ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਇਆ ਜਾਵੇਗਾ। ਸਮਾਗਮ ’ਚ ਸਿੱਖ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਜਥੇ ਅਤੇ ਕਥਾਵਾਚਕ ਵੀ ਹਾਜ਼ਰੀ ਭਰਨਗੇ। ਇਸ ਤੋਂ ਇਲਾਵਾ ਭਲਕੇ 13 ਮਾਰਚ ਨੂੰ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਵੀ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਹਿਣਗੇ। ਦੱਸਣਯੋਗ ਹੈ ਕਿ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਵਿਸ਼ੇਸ਼ ਚਿਤਰਪ੍ਰਦਰਸ਼ਨੀ ਵੀ ਲਗਾਈ ਗਈ ਹੈ।