1-1ਅੰਮ੍ਰਿਤਸਰ, 11 ਜਨਵਰੀ 2017- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਭਾਈ ਬਲਦੇਵ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਈ ਬਲਦੇਵ ਸਿੰਘ ਦੀਆਂ ਪੰਥਕ ਅਤੇ ਧਰਮ ਪ੍ਰਚਾਰ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਮਰਪਣ ਭਾਵਨਾ ਨਾਲ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਪਣਾ ਯੋਗਦਾਨ ਪਾਇਆ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਗਈ ਧਰਮ ਪ੍ਰਚਾਰ ਵਹੀਰ ਦੇ ਮੁਖੀ ਵਜੋਂ ਉਨ੍ਹਾਂ ਦੇ ਕਾਰਜਾਂ ਸਬੰਧੀ ਕਿਹਾ ਕਿ ਪੂਰੇ ਪੰਜਾਬ ਅੰਦਰ ਸਿੱਖੀ ਨੂੰ ਪ੍ਰਫੁੱਲਿਤ ਕਰਨ ਅਤੇ ਨੌਜੁਆਨੀ ਨੂੰ ਆਪਣੇ ਵਿਰਸੇ ਪ੍ਰਤੀ ਜਾਗਰੂਕ ਕਰਨ ਲਈ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਬਲਦੇਵ ਸਿੰਘ ਅੰਦਰ ਕੌਮੀ ਜਜ਼ਬਾ ਕੁਟ ਕੁਟ ਕੇ ਭਰਿਆ ਹੋਇਆ ਸੀ ਅਤੇ ਉਹ ਗੁਰਸਿੱਖੀ ਜੀਵਨ ਜਿਉਂਦਿਆਂ ਹੋਰਨਾਂ ਲਈ ਹਮੇਸ਼ਾ ਪ੍ਰੇਰਕ ਰਹੇ। ਇਸ ਦੇ ਨਾਲ ਹੀ ਭਾਈ ਸਾਹਿਬ ਨੇ ਵਿਦਿਆ ਦੇ ਖੇਤਰ ਅਤੇ ਕੀਰਤਨ ਸਿਖਲਾਈ ਲਈ ਵੀ ਉਪਰਾਲੇ ਕੀਤੇ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਦੇ ਅਕਾਲ ਚਲਾਣੇ ਨੂੰ ਸਿੱਖ ਕੌਮ ਲਈ ਵੱਡਾ ਘਾਟਾ ਦੱਸਦਿਆਂ ਕਿਹਾ ਕਿ ਕਰਤਾ ਪੁਰਖ ਦਾ ਭਾਣਾ ਅਟੱਲ ਹੈ। ਉਨ੍ਹਾਂ ਭਾਈ ਬਲਦੇਵ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਭਾਈ ਬਲਦੇਵ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਲੋਈ ਤੇ ਦੁਸ਼ਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਇਆ ਗਿਆ। ਭਾਈ ਬਲਦੇਵ ਸਿੰਘ ਦੇ ਅਕਾਲ ਚਲਾਣੇ ‘ਤੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ ਤੇ ਸ. ਹਰਭਜਨ ਸਿੰਘ ਮਨਾਵਾ ਵਧੀਕ ਸਕੱਤਰ ਨੇ ਵੀ ਅਫਸੋਸ ਪ੍ਰਗਟ ਕੀਤਾ।
ਭਾਈ ਬਲਦੇਵ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ. ਬਾਵਾ ਸਿੰਘ ਗੁਮਾਨਪੁਰਾ ਤੇ ਸ. ਮੰਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਐਡੀ:ਸਕੱਤਰ, ਸ. ਹਰਜਿੰਦਰ ਸਿੰਘ ਮੀਤ ਸਕੱਤਰ, ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਸ. ਰਘਬੀਰ ਸਿੰਘ ਮੰਡ ਮੈਨੇਜਰ, ਸ. ਇੰਦਰ ਮੋਹਣ ਸਿੰਘ ਅਨਜਾਣ ਇੰਚਾਰਜ ਪਬਲੀਸਿਟੀ, ਸ. ਪ੍ਰੀਤਪਾਲ ਸਿੰਘ ਐਲ.ਏ. ਅਤੇ ਹੋਰ ਹਾਜ਼ਰ ਸਨ।