ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ‘ਚ ਵਫਦ ਕੇਂਦਰੀ ਵਿਦੇਸ਼ ਮੰਤਰੀ ਨੂੰ ਮਿਲਿਆ

ਅੰਮ੍ਰਿਤਸਰ ੨ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਫਗਾਨਿਸਤਾਨ ਵਿਖੇ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਖਦ ਸਮੇਂ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਪੀੜਤਾਂ ਨੂੰ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਸ਼੍ਰੋਮਣੀ ਕਮੇਟੀ ਵੱਲੋਂ ਚੁਕਿਆ ਜਾਵੇਗਾ। ਇਸ ਦੇ ਨਾਲ ਹੀ ਜਖਮੀਆਂ ਨੂੰ ੫੦-੫੦ ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਇਲਾਜ ਵਿਚ ਮੱਦਦ ਹੋ ਸਕੇ। ਸ. ਬੇਦੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੈਂਬਰ ਪਾਰਲੀਮੈਂਟ ਸ. ਸੁਖਦੇਵ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤਰਲੋਚਨ ਸਿੰਘ ਅਤੇ ਅਫਗਾਨਿਸਤਾਨ ਦੇ ਕੁਝ ਸਿੱਖਾਂ ‘ਤੇ ਆਧਾਰਿਤ ਉੱਚ ਪੱਧਰੀ ਵਫਦ ਨੇ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰ ਕੇ ਅਫਗਾਨਿਸਤਾਨ ਅੰਦਰ ਸਿੱਖਾਂ ‘ਤੇ ਹੋਏ ਹਮਲੇ ਸਬੰਧੀ ਵਿਸਥਾਰ ਵਿਚ ਗੱਲਬਾਤ ਕੀਤੀ ਅਤੇ ਉਥੇ ਦੇ ਸਿੱਖਾਂ ਦੀ ਜਾਨ ਮਾਲ ਦੀ ਰਖਵਾਲੀ ਲਈ ਤੁਰੰਤ ਢੁਕਵੇਂ ਕਦਮ ਚੁੱਕਣ ਲਈ ਕਿਹਾ ਹੈ। ਵਫਦ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਜਲਦੀ ਤੋਂ ਜਲਦੀ ਇੱਕ ਸਰਕਾਰੀ ਵਫਦ ਅਫਗਾਨਿਸਤਾਨ ਭੇਜਿਆ ਜਾਵੇ, ਜਿਸ ਵਿਚ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇ ਨੁਮਾਇੰਦੇ ਵੀ ਸ਼ਾਮਲ ਹੋਣ। ਇਸ ਦੌਰਾਨ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਹਮਲੇ ਦੌਰਾਨ ਮਾਰੇ ਗਏ ਅਤੇ ਜਖਮੀ ਹੋਏ ਵਿਅਕਤੀਆਂ ਲਈ ਸਰਕਾਰੀ ਤੌਰ ‘ਤੇ ਵਿਸ਼ੇਸ਼ ਸਹਾਇਤਾ ਦੇਣ ਦੀ ਅਪੀਲ ਕੀਤੀ ਗਈ। ਵਫਦ ਮੈਂਬਰਾਂ ਨੇ ਇਹ ਵੀ ਕਿਹਾ ਕਿ ਜੇਕਰ ਜਖਮੀਆਂ ਨੂੰ ਇਲਾਜ ਲਈ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਬਿਹਤਰ ਹੋਵੇਗਾ, ਕਿਉਂਕਿ ਇਸ ਵਕਤ ਪੀੜਤਾਂ ਨੂੰ ਵੱਡੇ ਢਾਰਸ ਦੀ ਲੋੜ ਹੈ। ਬੁਲਾਰੇ ਨੇ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰੀ ਨੇ ਵਫਦ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਅਫਗਾਨਿਸਤਾਨ ਵਿਚ ਸਿੱਖਾਂ ਦੀ ਸੁਰੱਖਿਆ ਲਈ ਕਾਰਗਰ ਯਤਨ ਅਮਲ ਵਿਚ ਲਿਆਂਦੇ ਜਾਣਗੇ ਅਤੇ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਿਚਾਰ ਕੀਤਾ ਜਾਵੇਗਾ।