ਸਿੱਖ ਸੰਸਥਾਵਾਂ ਦੇ ਨਾਲ-ਨਾਲ ਵਿਦੇਸ਼ੀ ਸਿੱਖ ਵੀ ਪੀੜਤਾਂ ਦੀ ਮੱਦਦ ਲਈ ਅੱਗੇ ਆਉਣ -ਗਿਆਨੀ ਗੁਰਬਚਨ ਸਿੰਘ
ਪੀੜਤ ਪਰਿਵਾਰਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵਚਨਬਧ- ਭਾਈ ਲੌਂਗੋਵਾਲ

ਅੰਮ੍ਰਿਤਸਰ, 5 ਜੁਲਾਈ- ਅਫਗਾਨਿਸਤਾਨ ਵਿਖੇ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਗੁਰਦੇਵ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਲਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅਫਗਾਨਿਸਤਾਨ ਦੇ ਅੱਤਵਾਦੀ ਹਮਲੇ ਨੂੰ ਮਨੁੱਖਤਾ ਲਈ ਮੰਦਭਾਗਾ ਕਰਾਰ ਦਿੰਦਿਆਂ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਦੀ ਸਹਾਇਤਾ ਲਈ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੇਸ਼ੱਕ ਸਿੱਖ ਸੰਸਥਾਵਾਂ ਆਪਣਾ ਰੋਲ ਬਾਖ਼ੂਬੀ ਨਿਭਾ ਰਹੀਆਂ ਹਨ ਪਰ ਵਿਦੇਸ਼ਾਂ ਅੰਦਰ ਵੱਸਦੇ ਸਿੱਖਾਂ ਨੂੰ ਵੀ ਪੀੜਤਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੀੜਤ ਪਰਿਵਾਰਾਂ ਦੀ ਸਾਰ ਲੈਣਾ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ ਅਤੇ ਉਹ ਇਸ ਤੋਂ ਪਿੱਛੇ ਨਹੀਂ ਹਟੇਗੀ। ਭਾਈ ਲੌਂਗੋਵਾਲ ਨੇ ਮਾਰੇ ਗਏ ਸਿੱਖਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਫਤ ਵਿਦਿਆ ਦਾ ਪ੍ਰਬੰਧ ਕਰਨ ਦੀ ਵਚਨਬਧਤਾ ਦੁਹਰਾਈ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤੀ ਗਈ ਸਹਾਇਤਾ ਜਲਦੀ ਹੀ ਪੀੜਤਾਂ ਤੱਕ ਪਹੁੰਚਾਈ ਜਾਵੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ‘ਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਕੇ ਅਫਗਾਨਿਸਤਾਨ ‘ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਅੱਤਵਾਦੀ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਫਗਾਸਿਤਾਨ ਦੀ ਤਰੱਕੀ ਵਿਚ ਸਿੱਖਾਂ ਦੇ ਯੋਗਦਾਨ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ, ਪਰ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਸਿੱਖ ਉਥੋਂ ਲਗਾਤਾਰ ਹੋਰਨਾਂ ਦੇਸ਼ਾਂ ਵਿਚ ਵੱਸਣ ਲਈ ਮਜ਼ਬੂਰ ਹੁੰਦੇ ਰਹੇ। ਅੱਜ ਦਾ ਸੱਚ ਇਹ ਹੈ ਕਿ ਅਫਗਾਨਿਸਤਾਨ ਵਿਚ ਕੁਝ ਕੁ ਸਿੱਖ ਪਰਿਵਾਰ ਹੀ ਬਾਕੀ ਰਹਿ ਗਏ ਹਨ।
ਇਸ ਦੌਰਾਨ ਅਫਗਾਨਿਸਤਾਨ ਤੋਂ ਦਿੱਲੀ ਆ ਕੇ ਵੱਸੇ ਭਾਈ ਹੀਰਾ ਸਿੰਘ ਜੋ ਆਪਣੇ ਸਾਥੀਆਂ ਸਮੇਤ ਸ਼ਰਧਾਂਜਲੀ ਸਮਾਗਮ ਵਿਚ ਪਹੁੰਚੇ ਹੋਏ ਸਨ ਨੇ ਕਿਹਾ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪੀੜਤਾਂ ਦੀ ਮੱਦਦ ਲਈ ਜੋ ਫ਼ਰਜ਼ ਨਿਭਾਇਆ ਹੈ, ਉਹ ਅਫਗਾਨੀ ਸਿੱਖਾਂ ਲਈ ਸਦਮੇ ‘ਚ ਬਾਹਰ ਨਿਕਲਣ ਲਈ ਢਾਰਸ ਬਣੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਦਰ ‘ਤੇ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਵਜੋਂ ਕੀਤੀ ਗਈ ਅਰਦਾਸ ਹਰ ਸਹਾਇਤਾ ਤੋਂ ਵੱਡੀ ਹੈ। ਉਨ੍ਹਾਂ ਇਸ ਲਈ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਬੁਲਾਰਿਆਂ ਨੂੰ ਸਮਾਂ ਦੇਣ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਨਿਭਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਮਰਜੀਤ ਸਿੰਘ ਚਾਵਲਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਰਵਣ ਸਿੰਘ ਕੁਲਾਰ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਬੰਸ ਸਿੰਘ ਮੰਝਪੁਰ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਪੀ.ਏ., ਕੇਵਲ ਸਿੰਘ ਗਿੱਲ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸੁਲੱਖਣ ਸਿੰਘ ਭੰਗਾਲੀ, ਸ. ਤੇਜਿੰਦਰ ਸਿੰਘ ਪੱਡਾ ਤੇ ਸ. ਨਿਸ਼ਾਨ ਸਿੰਘ, ਸ. ਕਰਮਬੀਰ ਸਿੰਘ, ਸ. ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਸ. ਰਘਬੀਰ ਸਿੰਘ ਮੰਡ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਭਿੰਡਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।