ਅੰਮ੍ਰਿਤਸਰ, ੨੩ ਅਗਸਤ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਨਾਲ ਅਮਰੀਕਾ ‘ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਦੁਰਵਿਹਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਆਖਿਆ ਕਿ ਕੌਮੀ ਹਿੱਤਾਂ ਲਈ ਮੋਹਰੀ ਹੋ ਕੇ ਕਾਰਜ ਕਰ ਰਹੇ ਪੰਥਕ ਆਗੂ ਸ. ਮਨਜੀਤ ਸਿੰਘ ਜੀ.ਕੇ. ਨੂੰ ਪੰਥ ਵਿਰੋਧੀਆਂ ਦੇ ਪਿਛਲਗ ਲੋਕਾਂ ਨੇ ਜਾਣ-ਬੁਝ ਕੇ ਨਿਸ਼ਾਨਾ ਬਣਾਉਣ ਦਾ ਕੋਝਾ ਯਤਨ ਕੀਤਾ ਹੈ, ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਦੀ ਥਾਂ ਦੁਰਵਿਹਾਰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸ. ਮਨਜੀਤ ਸਿੰਘ ਜੀ. ਕੇ. ਨਾਲ ਦੁਰਵਿਹਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਅਜਿਹਾ ਕਰਨ ਦੀ ਕਿਸੇ ਦੀ ਵੀ ਹਿੰੰਮਤ ਨਾ ਪਵੇ।