ਅੰਮ੍ਰਿਤਸਰ, 23 ਜੁਲਾਈ –
ਅਮਰੀਕਾ ਦੇ ਉੱਘੇ ਕਾਰੋਬਾਰੀ ਸ. ਸੰਤ ਸਿੰਘ ਛਤਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਵੀ ਉਨ੍ਹਾਂ ਦੇ ਨਾਲ ਸੀ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ. ਛਤਵਾਲ ਅਤੇ ਉਨ੍ਹਾਂ ਦੀ ਪਤਨੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਗੁਰੂ ਬਖ਼ਸ਼ਿਸ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਛਤਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਵਿਸ਼ਵ ਵਿਚ ਵੱਸਦੇ ਸਿੱਖਾਂ ਲਈ ਮੁਕੱਦਸ ਅਸਥਾਨ ਹਨ ਅਤੇ ਵਿਦੇਸ਼ ਵਿਚ ਵੱਸਦੇ ਹਰ ਸਿੱਖ ਦੀ ਲੋਚਾ ਹੁੰਦੀ ਹੈ ਕਿ ਜਦੋਂ ਵੀ ਉਹ ਪੰਜਾਬ ਆਉਣ ਤਾਂ ਇਸ ਪਾਵਨ ਅਸਥਾਨ ਦੇ ਦਰਸ਼ਨ ਦੀਦਾਰੇ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਇਥੇ ਆ ਕੇ ਉਨ੍ਹਾਂ ਨੂੰ ਮਾਨਸਿਕ ਸਕੂਨ ਪ੍ਰਾਪਤ ਹੋਇਆ ਹੈ। ਸ. ਛਤਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ। ਇਸ ਸਮੇਂ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਅੱਜ ਵਿਸ਼ਵ ਭਰ ਵਿਚ ਸਿੱਖਾਂ ਨੇ ਆਪਣੀ ਮਿਹਨਤ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਵਿਲੱਖਣ ਪਛਾਣ ਨਿਰਧਾਰਤ ਕੀਤੀ ਹੈ ਅਤੇ ਉਨ੍ਹਾਂ ਵਿੱਚੋਂ ਸ. ਸੰਤ ਸਿੰਘ ਛਤਵਾਲ ਵੀ ਇਕ ਹਨ। ਇਸ ਮੌਕੇ ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।