ਬਾਕੀ ਸਾਥੀਆਂ ਦੀ ਗ੍ਰਿਫਤਾਰੀ ਜਲਦ ਹੋਵੇ

j-avtar-singhਅੰਮ੍ਰਿਤਸਰ 12 ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਲੀਫੋਰਨੀਆ ਵਿੱਚ ਸੂਚਨਾ ਤਕਨਾਲੋਜੀ ਮਾਹਰ ਸ. ਮਾਨ ਸਿੰਘ ਖਾਲਸਾ ‘ਤੇ ਨਸਲੀ ਹਮਲਾ ਕਰਨ ਵਾਲੇ ਦੋ ਦੋਸ਼ੀਆਂ ਨੂੰ ਅਮਰੀਕਾ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦੀ ਪ੍ਰਸੰਸਾ ਕਰਦਿਆਂ ਬਾਕੀ ਦੇ ਸਾਥੀਆਂ ਦੀ ਜਲਦ ਤੋਂ ਜਲਦ ਭਾਲ ਕਰਕੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਕੈਲੀਫੋਰਨੀਆ ਦੇ ਰਿਚਮੰਡ ਬੇਅ ਇਲਾਕੇ ਵਿੱਚ ੨੫ ਸਤੰਬਰ ਨੂੰ ਸ. ਮਾਨ ਸਿੰਘ ਖਾਲਸਾ ਤੇ ਪਿਕਅਪ ਟਰੱਕ ਵਿੱਚ ਆਏ ਕੁਝ ਸ਼ਰਾਰਤੀ ਅਨਸਰਾਂ ਵੱਲੋ ਬਿਨਾਂ ਕਿਸੇ ਕਾਰਨ ਹਮਲਾ ਕਰ ਦਿੱਤਾ ਗਿਆ ਸੀ।ਉਨ੍ਹਾਂ ਕਿਹਾ ਕਿ ਇਨ੍ਹਾਂ ਦੋਸ਼ੀਆਂ ਵੱਲੋਂ ਸ. ਮਾਨ ਸਿੰਘ ਖਾਲਸਾ ਦੀ ਦਸਤਾਰ ਉਤਾਰੀ ਗਈ, ਚਿਹਰੇ ਤੇ ਸੱਟਾਂ ਮਾਰੀਆਂ ਗਈਆਂ ਅਤੇ ਚਾਕੂ ਨਾਲ ਉਸ ਦੇ ਕੇਸ ਕਤਲ ਕਰ ਦਿੱਤੇ ਗਏ।ਉਨ੍ਹਾਂ ਕਿਹਾ ਕਿ ਇਸ ਘਟਨਾ ਖਿਲਾਫ਼ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਵੱਡੇ ਪੱਧਰ ‘ਤੇ ਵਿਰੋਧ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਹੁਣ ਅਮਰੀਕਾ ਪੁਲਿਸ ਨੇ ਸਬੰਧਿਤ ਘਟਨਾ ਦੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਉਨ੍ਹਾਂ ਕਿਹਾ ਕਿ ਕਿਸੇ ਧਰਮ ਨੂੰ ਖਾਸ ਤੌਰ ‘ਤੇ ਨਿਸ਼ਾਨਾ ਬਣਾ ਕੇ ਕੀਤੀਆਂ ਜਾਣ ਵਾਲੀਆਂ ਘਿਨਾਉਣੀਆਂ ਕਾਰਵਾਈਆਂ ਬਹੁਧਰਮੀ ਲੋਕਾਂ ਵਿੱਚ ਝਗੜੇ ਪੈਦਾ ਕਰਾਉਣ ਦੇ ਮਨਸੂਬੇ ਨਾਲ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਰੋਕਥਾਮ ਹੋਣੀ ਲਾਜ਼ਮੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਦੀ ਪਹਿਚਾਣ ਤੇ ਉਸ ਵੱਲੋਂ ਹਰ ਦੇਸ਼ ਦੀ ਤਰੱਕੀ ਵਿੱਚ ਪਾਏ ਯੋਗਦਾਨ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਜ਼ਰੂਰਤ ਹੈ, ਜਿਸ ਸਬੰਧੀ ਅਮਰੀਕਾ ਵਿੱਚ ਰਹਿ ਰਹੇ ਸਿੱਖ ਸਮੁਦਾਏ ਦੇ ਲੋਕ, ਗੁਰਦੁਆਰਾ ਪ੍ਰਬੰਧਕ ਸੁਸਾਇਟੀਆਂ, ਸਿੰਘ ਸਭਾਵਾਂ ਅਤੇ ਸਿੱਖ ਸਮਾਜਿਕ ਸੰਸਥਾਵਾਂ ਅਮਰੀਕਾ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਯੋਗ ਭੂਮਿਕਾ ਨਿਭਾਅ ਸਕਦੀਆਂ ਹਨ।ਉਨ੍ਹਾਂ ਅਮਰੀਕਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਨਸਲੀ ਹਮਲੇ ਵਿੱਚ ਸ਼ਾਮਲ ਹੋਰਨਾਂ ਸਾਥੀਆਂ ਨੂੰ ਵੀ ਜਲਦ ਕਾਬੂ ਕਰਨ ਦੀ ਅਪੀਲ ਕੀਤੀ।