ਅੰਮ੍ਰਿਤਸਰ 3 ਅਕਤੂਬਰ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਨਾਲ ਲੱਗਦੇ ਅਫ਼ਗਾਨਿਸਤਾਨ ਦੇ ਸਰਹੱਦੀ ਸੂਬੇ ਨੰਗਾਰਹਰ ਵਿੱਚ ਕੁਝ ਸ਼ੱਕੀ ਅੱਤਵਾਦੀਆਂ ਵੱਲੋਂ ਇਕ ਸਿੱਖ ਨੂੰ ਉਸ ਦੇ ਘਰੋਂ ਅਗਵਾ ਕਰਕੇ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਨਾਲ ਵਧੀਕੀਆਂ ਦਿਨੋਂ-ਦਿਨ ਵੱਧ ਰਹੀਆਂ ਹਨ ਜੋ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਾਬੁਲ ਵਿੱਚ ਹਿਕਮਤ ਦਾ ਕੰਮ ਕਰਨ ਵਾਲੇ ਸ. ਜਗਤਾਰ ਸਿੰਘ ਨਾਮ ਦੇ ਅਫਗਾਨੀ ਸਿੱਖ ਨੂੰ ਫਿਰਕੂ ਅਨਸਰਾਂ ਨੇ ਉਸ ਦੀ ਦੁਕਾਨ ਤੇ ਉਸ ਦੀ ਧੌਣ ‘ਤੇ ਚਾਕੂ ਰੱਖਦਿਆਂ ਇਸਲਾਮ ਕਬੂਲ ਕਰਨ ਲਈ ਮਜ਼ਬੂਰ ਕਰਦਿਆਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਦਿਆਂ ਸਿੱਖਾਂ ਦੀ ਸੁਰੱਖਿਆ ਬਾਰੇ ਅਪੀਲ ਕੀਤੀ ਗਈ ਸੀ।ਉਨ੍ਹਾਂ ਕਿਹਾ ਕਿ ਇਥੇ ਪਹਿਲਾ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰੇ ਦੇ ਲੋਕ ਰਹਿੰਦੇ ਸਨ, ਪਰ ਹੁਣ ਇਹ ਗਿਣਤੀ ਘੱਟ ਕੇ ੫ ਹਜ਼ਾਰ ਰਹਿ ਗਈ ਹੈ ਜਿਸ ਦੇ ਮੁੱਖ ਜ਼ਿੰਮੇਵਾਰ ਫਿਰਕੂ ਭਾਵਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਹਨ।
ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿੱਚ ਡਰ ਦੇ ਮਾਹੌਲ ਵਿੱਚ ਜ਼ਿੰਦਗੀ ਬਸਰ ਕਰ ਰਹੇ ਘੱਟ ਗਿਣਤੀ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਜਿਨ੍ਹਾਂ ਤੇ ਆਏ ਦਿਨ ਤਸ਼ੱਦਦ ਢਾਹੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਆਰੰਭੇ ਜਾਣ ਤਾਂ ਕਿ ਘੱਟ ਗਿਣਤੀਆਂ ‘ਤੇ ਹੋ ਰਹੇ ਇਨ੍ਹਾਂ ਨਫਰਤੀ ਹਮਲਿਆਂ ਨੂੰ ਰੋਕਿਆ ਜਾ ਸਕੇ।