ਅੰਮ੍ਰਿਤਸਰ, ੩੦ ਅਗਸਤ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਸੰਤ ਕੁਟੀਆ ਕੋਲਕਾਤਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਰੀਦਾ ਖੜਗਪੁਰ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਬੀਤੀ ਰਾਤ ਕੋਲਕਾਤਾ ਵਿਖੇ ਪਹੁੰਚਣ ’ਤੇ ਨਗਰ ਕੀਰਤਨ ਦਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਵਾਗਤ ਕੀਤਾ। ਉਨ੍ਹਾਂ ਨਾਲ ਸਰਕਾਰ ਦੇ ਹੋਰ ਮੰਤਰੀ ਅਤੇ ਪ੍ਰਸ਼ਾਸਨਕ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਨਾਲ ਚੱਲ ਰਹੇ ਮੈਂਬਰ ਭਾਈ ਰਾਮ ਸਿੰਘ ਅਤੇ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂ ਘੁੰਮਣ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਦਾ ਅੱਜ ਗੁਰਦੁਆਰਾ ਸਾਹਿਬ ਸੰਤ ਕੁਟੀਆ ਕਲਕੱਤਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਣ ਸਮੇਂ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ। ਇਥੇ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਸੰਗਤ ਵੱਲੋਂ ਨਗਰ ਕੀਰਤਨ ਪ੍ਰਤੀ ਦਿਖਾਏ ਭਾਰੀ ਉਤਸ਼ਾਹ ਲਈ ਧੰਨਵਾਦ ਵੀ ਕੀਤਾ। ਇਥੋਂ ਆਰੰਭਤਾ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਭਾਈ ਰਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸੰਤ ਕੁਟੀਆ, ਭਾਈ ਭਜਨ ਸਿੰਘ ਮੀਤ ਗ੍ਰੰਥੀ, ਭਾਈ ਜਗਜੀਤ ਸਿੰਘ ਕਥਾਵਾਚਕ, ਭਾਈ ਮਹਿੰਦਰ ਸਿੰਘ ਗਿੱਲ ਪ੍ਰਧਾਨ, ਭਾਈ ਓਂਕਾਰ ਸਿੰਘ ਮੈਂਬਰ, ਭਾਈ ਹਰਦੇਵ ਸਿੰਘ ਗਰੇਵਾਲ ਸਕੱਤਰ, ਭਾਈ ਹਰਜਿੰਦਰ ਸਿੰਘ ਮੀਤ ਪ੍ਰਧਾਨ, ਭਾਈ ਪਰਮਜੀਤ ਸਿੰਘ ਮੈਂਬਰ, ਭਾਈ ਜਸਵਿੰਦਰ ਸਿੰਘ ਮੈਂਬਰ, ਭਾਈ ਚਮਕੌਰ ਸਿੰਘ ਮੈਂਬਰ, ਭਾਈ ਮਨਪ੍ਰੀਤ ਸਿੰਘ ਰਾਜਾ, ਭਾਈ ਕੁਲਵਿੰਦਰ ਸਿੰਘ, ਭਾਈ ਤਰਸੇਮ ਸਿੰਘ, ਭਾਈ ਹਰਮਿੰਦਰ ਸਿੰਘ ਪੱਪੀ, ਭਾਈ ਮਨਮੋਹਨ ਸਿੰਘ ਹੌਲਦਾਰ, ਭਾਈ ਦਲੇਰ ਸਿੰਘ ਆਦਿ ਮੌਜੂਦ ਸਨ। ਇਸ ਤੋਂ ਇਲਾਵਾ ਨਗਰ ਕੀਰਤਨ ਚੱਲ ਰਹੇ ਪ੍ਰਬੰਧਕਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸ. ਹਰਜੀਤ ਸਿੰਘ, ਸ. ਅਜੀਤ ਸਿੰਘ ਆਦਿ ਮੌਜੂਦ ਸਨ।