ਨਗਰ ਕੀਰਤਨ ਦਾ ਅਟਾਰੀ ਸਰਹੱਦ ਵਿਖੇ ਹੋਵੇਗਾ ਸ਼ਾਨਦਾਰ ਸਵਾਗਤ-ਭਾਈ ਲੌਂਗੋਵਾਲ

ਅੰਮ੍ਰਿਤਸਰ, ੨੩ ਜੁਲਾਈ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ੧ ਅਗਸਤ ੨੦੧੯ ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਰੂਟ ਅਤੇ ਸਵਾਗਤੀ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਹੋਈ, ਜਿਸ ਵਿਚ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਸ. ਮਨਜਿੰਦਰ ਸਿੰਘ ਸਿਰਸਾ, ਸ. ਦਰਬਾਰਾ ਸਿੰਘ ਗੁਰੂ, ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਨਗਰ ਕੀਰਤਨ ਦੇ ਵਾਹਗਾ ਸਰਹੱਦ ਵਿਖੇ ਪੁੱਜਣ ‘ਤੇ ਸ਼ਾਨਦਾਰ ਸਵਾਗਤ ਹੋਵੇਗਾ। ਇਥੇ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਤ ਸਮਾਜ, ਸਭਾ-ਸੁਸਾਇਟੀਆਂ ਤੋਂ ਇਲਾਵਾ ਹੋਰਨਾਂ ਧਰਮਾਂ ਦੇ ਨੁਮਾਇੰਦੇ ਮੌਜੂਦ ਹੋਣਗੇ। ਉਨ੍ਹਾਂ ਆਖਿਆ ਕਿ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸ਼ਮੂਲੀਅਤ ਲਈ ਕਿਹਾ ਜਾਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਸਬ-ਕਮੇਟੀ ਦੇ ਆਗੂ ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦਾ ੧ ਅਗਸਤ ਤੋਂ ਲੈ ਕੇ ੩੦ ਅਗਸਤ ਤੱਕ ਦਾ ਰੂਟ ਤੈਅ ਕਰ ਲਿਆ ਗਿਆ ਹੈ, ਜਿਸ ਦੀਆਂ ਤਿਆਰੀਆਂ ਲਈ ਅਗਾਊਂ ਟੀਮਾਂ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ੧੭ ਰਾਜਾਂ ਤੱਕ ਨਗਰ ਕੀਰਤਨ ਪਹੁੰਚ ਕਰੇਗਾ, ਜਿਨ੍ਹਾਂ ਵਿੱਚੋਂ ੯ ਰਾਜਾਂ ਦਾ ਪ੍ਰੋਗਰਾਮ ਬਣਾ ਲਿਆ ਗਿਆ ਹੈ ਅਤੇ ਬਾਕੀ ਦੇ ਪ੍ਰੋਗਰਾਮ ਅਗਲੇ ਹਫ਼ਤੇ ਉਲੀਕ ਲਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਗੁਰਚਰਨ ਸਿੰਘ ਕਰਮੂੰਵਾਲਾ, ਭਾਈ ਮਨਜੀਤ ਸਿੰਘ, ਸ. ਦਰਬਾਰਾ ਸਿੰਘ ਗੁਰੂ, ਸ. ਬਲਦੇਵ ਸਿੰਘ ਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਪੀ. ਐਸ. ਪਸਰੀਚਾ, ਸ. ਸ਼ਿੰਗਾਰਾ ਸਿੰਘ ਲੋਹੀਆਂ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਦੇਵ ਸਿੰਘ ਚੂੰਘਾਂ, ਸ. ਕਰਨੈਲ ਸਿੰਘ ਪੰਜੋਲੀ, ਸ. ਸਰਵਣ ਸਿੰਘ ਕੁਲਾਰ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਜਮੇਰ ਸਿੰਘ ਖੇੜਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਬਲਦੇਵ ਸਿੰਘ ਕਿਆਮਪੁਰ, ਸ. ਹਰਭਜਨ ਸਿੰਘ ਮਸਾਣਾ, ਸ. ਸੁਰਜੀਤ ਸਿੰਘ ਕੰਗ, ਬੀਬੀ ਗੁਰਪ੍ਰੀਤ ਕੌਰ, ਸ. ਜਸਬੀਰ ਸਿੰਘ ਧਾਮ, ਸ. ਪਰਮਜੀਤ ਸਿੰਘ ਚੰਡੋਕ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ ਆਦਿ ਮੌਜੂਦ ਸਨ।