ਅੰਮ੍ਰਿਤਸਰ, ੧ ਅਕਤੂਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਫਰੀਦਾਬਾਦ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ ਹੋਇਆ। ਰਵਾਨਗੀ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ੍ਰੋਮਣੀ ਕਮੇਟੀ ਤਰਫੋਂ ਸੰਗਤ ਨੂੰ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਸੱਦਾ ਦਿੱਤਾ। ਇਸ ਮੌਕੇ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਭਾਈ ਸੁਰਿੰਦਰਪਾਲ ਸਿੰਘ ਸਮਾਣਾ ਨੇ ਵੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਤੋਂ ਪਹਿਲਾਂ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਥੇ ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਇਸੇ ਦੌਰਾਨ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ‘ਤੇ ਭਰਵਾਂ ਸਵਾਗਤ ਹੋਇਆ। ਫਰੀਦਾਬਾਦ ਦੇ ਵੱਖ-ਵੱਖ ਇਲਾਕਿਆਂ ਅੰਦਰ ਭਰਵੀਂ ਸੰਗਤ ਮੌਜੂਦ ਸੀ, ਜਿਸ ਨੇ ਗੁਰੂ ਸਾਹਿਬ ਨੂੰ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਨਿਸ਼ਾਨ ਸਿੰਘ, ਸ. ਜਸਬੀਰ ਸਿੰਘ ਧਾਮ ਮੁੰਬਈ, ਮੈਨੇਜਰ ਸ. ਗੁਰਪ੍ਰੀਤ ਸਿੰਘ ਰੋਡੇ, ਸ. ਜਸਬੀਰ ਸਿੰਘ, ਸ. ਜਸਵਿੰਦਰ ਸਿੰਘ ਅਤੇ ਸਥਾਨਕ ਸੰਗਤਾਂ ਮੌਜੂਦ ਸਨ।