ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਨਾਹਰੇਬਾਜ਼ੀ ਕਰਨਾ ਗਲਤ : ਸ.ਰਘੂਜੀਤ ਸਿੰਘ ਵਿਰਕ

ਅੰਮ੍ਰਿਤਸਰ 13 ਨਵੰਬਰ (        ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੌਜੂਦਾ ਪੰਥਕ ਹਾਲਾਤਾਂ ਤੇ ਨਜ਼ਰਸਾਨੀ ਲਈ ਅੱਜ 13-11-2015 ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਬੈਠਕ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਬੰਧਕੀ ਬਲਾਕ ਵਿਖੇ ਬੁਲਾਈ ਗਈ।ਉਨ੍ਹਾਂ ਦੀ ਅਚਾਨਕ ਸਿਹਤ ਠੀਕ ਨਾ ਹੋਣ ਕਰਕੇ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਇਹ ਬੈਠਕ ਹੋਈ।ਬੈਠਕ ਵਿੱਚ ਦੀਰਘ ਵਿਚਾਰ ਉਪਰੰਤ ਕੁਝ ਜਥੇਬੰਦੀਆਂ ਵੱਲੋਂ 10 ਨਵੰਬਰ 2015 ਨੂੰ ਪਿੰਡ ਚੱਬਾ ਨੇੜੇ ਸੱਦੇ ਇਕੱਠ ਦੌਰਾਨ ਨਵੇਂ ਥਾਪੇ ਜਥੇਦਾਰ ਅਤੇ ਪਾਸ ਕੀਤੇ ਮਤਿਆਂ ਨੂੰ ਸਿੱਖ ਕੌਮ ਵਿੱਚ ਦੁਬਿਧਾ ਪੈਦਾ ਕਰਨ ਦੀ ਕੋਝੀ ਸਾਜਿਸ਼ ਕਰਾਰ ਦਿੰਦਿਆਂ ਸਰਵਸੰਮਤੀ ਨਾਲ ਰੱਦ ਕਰ ਦਿੱਤਾ ਗਿਆ ਹੈ।

ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਕੁਝ ਪੰਥ ਵਿਰੋਧੀ ਤਾਕਤਾਂ ਵੱਲੋਂ ਗਿਣੀ-ਮਿਥੀ ਸਾਜਿਸ਼ ਤਹਿਤ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਹਸਤੀ ਨੂੰ ਖਤਮ ਕਰਨ ਦੇ ਮਨਸੂਬੇ ਤਹਿਤ 10 ਨਵੰਬਰ 2015 ਨੂੰ ਇਕੱਠ ਕੀਤਾ ਗਿਆ ਜਿਸ ਵਿੱਚ ਪੰਥਕ ਰਵਾਇਤਾਂ ਦਾ ਘਾਣ ਕਰਦਿਆਂ ਬਿਨਾਂ ਸਰਬ ਪ੍ਰਵਾਨਗੀ ਨਵੇਂ ਜਥੇਦਾਰ ਥਾਪੇ ਗਏ ਅਤੇ ਕੁਝ ਹੋਰ ਮਤੇ ਪਾਸ ਕੀਤੇ ਗਏ ਜਿਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੂਰੀ ਤਰ੍ਹਾਂ ਰੱਦ ਕੀਤਾ ਹੈ।ਉਨ੍ਹਾਂ ਕਿਹਾ ਕਿ 11 ਨਵੰਬਰ ਨੂੰ ਮੀਰੀ-ਪੀਰੀ ਦੇ ਮਾਲਕ ਛਠਮ ਪੀਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੱਚੇ ਪਾਤਸ਼ਾਹ ਜੀ ਦੇ ਬੰਦੀ ਛੋੜ ਦਿਵਸ (ਦੀਵਾਲੀ) ਮੌਕੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਥਕ ਰਵਾਇਤਾਂ ਮੁਤਾਬਕ ਦਰਸ਼ਨੀ ਡਿਓੜੀ ਉਪਰੋਂ ਕੌਮ ਦੇ ਨਾਮ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਦੇਸ਼ ਦਿੱਤਾ ਸੀ। ਪ੍ਰੰਤੂ ਕੁਝ ਜਥੇਬੰਦੀਆਂ ਵੱਲੋਂ ਸਾਜਿਸ਼ ਤਹਿਤ ਇਸ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰਦਿਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਚੱਲਦੇ ਵਿਸਮਾਦਮਈ ਗੁਰਬਾਣੀ ਕੀਰਤਨ ਦੌਰਾਨ ਖਲਲ ਪਾ ਕੇ ਮਰਿਯਾਦਾ, ਪ੍ਰੰਪਰਾ ਅਤੇ ਰਵਾਇਤਾਂ ਦੀ ਉਲੰਘਣਾ ਕੀਤੀ ਗਈ। ਗੁਰਬਾਣੀ ਕੀਰਤਨ ਸਰਵਣ ਕਰਦੀਆਂ ਸੰਗਤਾਂ ਨੂੰ ਮਜ਼ਬੂਰੀ ਵੱਸ ਇਨ੍ਹਾਂ ਲੋਕਾਂ ਦੇ ਭੱਦੀ ਸ਼ਬਦਾਵਲੀ ਵਾਲੇ ਨਾਹਰੇ ਸੁਣਨੇ ਪਏ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਪਵਿੱਤਰ ਇਤਿਹਾਸਕ ਦਰਸ਼ਨੀ ਡਿਓੜੀ ਨੂੰ ਇਕ ਸਿਰਫਿਰੇ ਵੱਲੋਂ ਉਪਰ ਚੜ੍ਹ ਕੇ ਬਾਰੀਆਂ ਨੂੰ ਲੱਤਾਂ ਮਾਰ ਕੇ ਬੇਹੁਰਮਤੀ ਕੀਤੀ ਗਈ ਜਿਸ ਦੀ ਅੰਤ੍ਰਿੰਗ ਕਮੇਟੀ ਵੱਲੋਂ ਨਿੰਦਾ ਕੀਤੀ ਗਈ ਹੈ।

ਅੱਜ ਦੀ ਇੱਕਤਰਤਾ ‘ਚ ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਅੰਤ੍ਰਿੰਗ ਮੈਂਬਰ ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਰਜਿੰਦਰ ਸਿੰਘ ਮਹਿਤਾ, ਸ.ਗੁਰਬਚਨ ਸਿੰਘ ਕਰਮੂੰਵਾਲਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਮੋਹਨ ਸਿੰਘ ਬੰਗੀ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਨਿਰਮੈਲ ਸਿੰਘ ਜੌਲਾਕਲਾ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ.ਰੂਪ ਸਿੰਘ ਸਕੱਤਰ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਸਤਿੰਦਰ ਸਿੰਘ ਨਿਜੀ ਸਹਾਇਕ ਅਤੇ ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਗੁਰਦੁਆਰਾ ਗਜ਼ਟ, ਸ. ਸੁਖਬੀਰ ਸਿੰਘ ਇੰਚਾਰਜ, ਸ. ਜਤਿੰਦਰ ਸਿੰਘ ਵਧੀਕ ਮੈਨੇਜਰ ਆਦਿ ਮੌਜੂਦ ਸਨ।