ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੇ ਕੈਂਪ ਵਿੱਚ ਉਚੇਚੇ ਤੌਰ ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਅੰਮ੍ਰਿਤਸਰ : 1 ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਵਿੱਚ ਪਾਕਿਸਤਾਨ ਨਾਲ ਲਗਦੇ ਸਰਹੱਦੀ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਦੇਖ-ਰੇਖ ਕਰ ਰਹੇ ਅੰਤ੍ਰਿੰਗ ਕਮੇਟੀ ਮੈਂਬਰ ਸ੍ਰ: ਰਜਿੰਦਰ ਸਿੰਘ ਮਹਿਤਾ ਤੇ ਸਕੱਤਰ ਸ੍ਰ: ਮਨਜੀਤ ਸਿੰਘ ਨੇ ਡੇਹਰਾ ਬਾਬਾ ਨਾਨਕ ਅਤੇ ਪਠਾਨਕੋਟ ਬਾਰਡਰ ਦੇ ਹੈਡ ਕੁਆਟਰ ਜੋ ਗੁਰਦੁਆਰਾ ਬਾਰਠ ਸਾਹਿਬ ਵਿਖੇ ਬਣਾਇਆ ਗਿਆ ਹੈ ਓਥੇ ਜਾ ਕੇ ਕੈਂਪ ਵਿੱਚ ਰਹਿ ਰਹੇ ਲੋਕਾਂ ਦਾ ਹਾਲ ਚਾਲ ਪੁੱਛਿਆ ਤੇ ਪ੍ਰਬੰਧਾਂ ਦਾ ਜਾਇਜਾ ਲਿਆ।
         ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਸ੍ਰ: ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਵੱਲੋਂ ਹਵਾਲਾ ਦੇਂਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਕੋਈ ੮੦੦ ਦੇ ਕਰੀਬ ਸ਼ਰਨਾਰਥੀ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਨਾਲ ਸ੍ਰ: ਸੁੱਚਾ ਸਿੰਘ ਲੰਗਾਹ ਮੈਂਬਰ ਸ਼੍ਰੋਮਣੀ ਕਮੇਟੀ, ਵਿਧਾਇਕ ਸ੍ਰੀ ਦੇਸ ਰਾਜ ਧੁੱਗਾ ਤੇ ਬੀਬੀ ਸੀਮਾ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਰਹਿ ਰਹੇ ਸ਼ਰਨਾਰਥੀਆਂ ਲਈ ਰਿਹਾਇਸ਼ ਦੇ ਨਾਲ-ਨਾਲ ਲੰਗਰ, ਡਾਕਟਰੀ ਸਹੂਲਤਾਂ , ਬੱਚਿਆਂ ਲਈ ਦੁੱਧ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਚਾਰਕਾਂ ਦੀਆਂ ਡਿਊਟੀਆਂ ਸਰਹੱਦੀ ਖੇਤਰਾਂ ਦੇ ਗੁਰਦੁਆਰਾ ਸਾਹਿਬਾਨ ਦਾ ਦੌਰਾ ਕਰਨ ਲਈ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਚਾਰਕ ਗੁਰਦੁਆਰਾ ਪ੍ਰਬੰਧਕਾਂ ਨਾਲ ਗੱਲਬਾਤ ਕਰਕੇ ਜਿਨ੍ਹਾਂ ਗੁਰਦੁਆਰਾ ਸਾਹਿਬਾਨ ਵਿਖੇ ਇਕ ਤੋਂ ਵੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹਨ ਉਹ ਨਜਦੀਕ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਿਸੇ ਵੱਡੇ ਗੁਰਦੁਆਰਾ ਸਾਹਿਬ ਵਿੱਚ ਮਰਯਾਦਾ ਅਨੁੰਸਾਰ ਸੁਸ਼ੋਭਿਤ ਕਰਨ ਲਈ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਮਾਹੌਲ ਠੀਕ ਹੋਣ ਤੇ ਇਹ ਪਾਵਨ ਸਰੂਪ ਦੁਬਾਰਾ ਫਿਰ ਸਰਹੱਦੀ ਖੇਤਰਾਂ ਦੇ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਵਨ ਸਰੂਪ ਮਰਯਾਦਾ ਅਨੁੰਸਾਰ ਗੁਰਦੁਆਰਾ ਸਾਹਿਬਾਨ ਵਿਖੇ ਪਹੁੰਚਾਉਣ ਦਾ ਪ੍ਰਬੰਧ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੀ ਕੀਤਾ ਜਾਵੇਗਾ।