ਅੰਮ੍ਰਿਤਸਰ, 21 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਬਾਲਾ ਦੇ ਬਬਿਆਲ ਪਿੰਡ ਦੇ ਪੰਜਾਬੀ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਬਉੱਚ ਹਨ, ਜਿਨ੍ਹਾਂ ਪ੍ਰਤੀ ਹਰ ਸਿੱਖ ਦੇ ਮਨ ਵਿਚ ਸ਼ਰਧਾ ਤੇ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰਬਾਣੀ ਦੀ ਬੇਅਦਬੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਕੁਝ ਨੀਵੀਂ ਮਾਨਸਿਕਤਾ ਵਾਲੀਆਂ ਤਾਕਤਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਅੰਬਾਲਾ ਵਿਖੇ ਬਬਿਆਲ ਦੇ ਮੇਨ ਬਜ਼ਾਰ ਅੰਦਰ ਸਥਿਤ ਪੰਜਾਬੀ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਹੈ, ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜ ਕੇ ਪੀੜਾ ਸਾਹਿਬ ਤੋਂ ਥੱਲੇ ਸੁੱਟੇ ਗਏ ਹਨ। ਉਨ੍ਹਾਂ ਕਿਹਾ ਕਿ ਘਟਨਾ ਦਾ ਪਤਾ ਲਗਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਪਾਲ ਸਿੰਘ ਹੋਰ ਸਿੰਘਾਂ ਸਮੇਤ ਘਟਨਾ ਸਥਾਨ ’ਤੇ ਪਹੁੰਚੇ, ਜਿਨ੍ਹਾਂ ਨੇ ਸਥਾਨਕ ਸੰਗਤ ਜਰੀਏ ਅੰਬਾਲਾ ਦੇ ਮਹੇਸ਼ ਨਗਰ ਪੁਲਿਸ ਥਾਣਾ ਵਿਖੇ ਪਰਚਾ ਦਰਜ਼ ਕਰਵਾ ਦਿੱਤਾ ਹੈ। ਐਡਵੋਕੇਟ ਧਾਮੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਿਨੌਣੀ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਇਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਬੇਪਰਦਾ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਕੋਈ ਵੀ ਅਜਿਹਾ ਕੰਮ ਕਰਨ ਦੀ ਹਿੰਮਤ ਨਾ ਕਰੇ।