ਅੰਮ੍ਰਿਤਸਰ, 20 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ਤੋਂ ਨਜਾਇਜ਼ ਕਬਜ਼ੇ ਹਟਾਉਣ, ਪਾਵਨ ਅਸਥਾਨ ਨਜ਼ਦੀਕ ਆਟੋ ਰਿਕਸ਼ਿਆਂ ਨੂੰ ਨਿਯਮਤ ਕਰਨ ਅਤੇ ਲੋੜ ਅਨੁਸਾਰ ਸੜਕਾਂ ਦੀ ਰਿਪੇਅਰ ਕਰਨ ਲਈ ਆਖਿਆ ਹੈ। ਸ੍ਰੀ ਸੰਦੀਪ ਰਿਸ਼ੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਐਡਵੋਕੇਟ ਧਾਮੀ ਨੂੰ ਮਿਲੇ ਸਨ, ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਗਰ ਨਿਗਮ ਦੇ ਪ੍ਰਮੁੱਖ ਅਧਿਕਾਰੀ ਨੂੰ ਸੰਗਤਾਂ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਦੇਸ਼ ਵਿਦੇਸ਼ ਤੋਂ ਭਰਵੀਂ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਦੀ ਹੈ, ਪਰੰਤੂ ਇਸ ਪਾਵਨ ਅਸਥਾਨ ਨੂੰ ਆਉਂਦੇ ਰਸਤਿਆਂ ਦੀ ਹਾਲਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਰਸਤਿਆਂ ’ਤੇ ਨਜਾਇਜ਼ ਕਬਜ਼ਿਆਂ ਦੀ ਵੱਡੀ ਭਰਮਾਰ ਅਤੇ ਆਟੋ ਰਿਕਸ਼ਿਆਂ ਦੀ ਭੀੜ ਦੀ ਸਮੱਸਿਆ ਕਾਰਨ ਸੰਗਤ ਚੰਗਾ ਪ੍ਰਭਾਵ ਨਹੀਂ ਲੈ ਕੇ ਜਾ ਰਹੀ। ਇਸ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੱਢਿਆ ਜਾਵੇ, ਤਾਂ ਜੋ ਸੰਗਤਾਂ ਬਿਨਾਂ ਪ੍ਰੇਸ਼ਾਨੀ ਦੇ ਸ਼ਾਂਤੀ ਨਾਲ ਗੁਰੂ ਘਰ ਨਤਮਸਤਕ ਹੋ ਸਕਣ। ਇਸ ਦੌਰਾਨ ਸ੍ਰੀ ਸੰਦੀਪ ਰਿਸ਼ੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਨਗਰ ਨਿਗਮ ਦੀ ਇਕੱਤਰਤਾ ਵਿਚ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਸੰਗਤ ਅਤੇ ਦੁਕਾਨਦਾਰਾਂ ਨੂੰ ਅਪੀਲ ਹੈ ਕਿ ਉਹ ਰਸਤਿਆਂ ਨੂੰ ਨਿਰਵਿਘਨ ਚਾਲੂ ਰੱਖਣ ਲਈ ਆਪੋ-ਆਪਣੀਆਂ ਦੁਕਾਨਾਂ ਦੇ ਅੰਦਰ ਤੱਕ ਹੀ ਸਮਾਨ ਰੱਖਣ, ਤਾਂ ਜੋ ਸੰਗਤ ਨੂੰ ਮੁਸ਼ਕਲਾਂ ਨਾ ਆਉਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਸੰਦੀਪ ਰਿਸ਼ੀ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਐਲਏ ਸ. ਪ੍ਰੀਤਪਾਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ ਆਦਿ ਮੌਜੂਦ ਸਨ।
