ਅੰਮ੍ਰਿਤਸਰ, ੩੧ ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਨੂੰ ਅੰਮ੍ਰਿਤਸਰ ਸ਼ਹਿਰ ਅੰਦਰ ਸਰਗਰਮ ਕਰਨ ਲਈ ਵਿਚਾਰਾਂ ਕਰਨ ਹਿਤ ਸ਼ਹਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ, ਅਧਿਕਾਰੀਆਂ ਅਤੇ ਪ੍ਰਚਾਰਕਾਂ ਦੀ ਇੱਕ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ ਤੇ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਧਰਮ ਪ੍ਰਚਾਰ ਕਾਰਜਾਂ ਨੂੰ ਤੇਜ ਕਰਨ ਦਾ ਲਿਆ ਗਿਆ ਫੈਸਲਾ ਪ੍ਰਸੰਸਾਯੋਗ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਸਬੰਧੀ ਬਣਾਏ ਗਏ ਪ੍ਰੋਗਰਾਮ ਅਨੁਸਾਰ ਸ਼ਹਿਰੀ ਖੇਤਰ ਵਿਚ ਲਾਗੂ ਕਰਨ ਲਈ ਵੱਖ-ਵੱਖ ਗੁਰਦੁਆਰਾ ਕਮੇਟੀਆਂ, ਸਭਾ-ਸੁਸਾਇਟੀਆਂ ਅਤੇ ਸਕੂਲਾਂ ਕਾਲਜਾਂ ਤਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਨੂੰ ਗੁਰਮਤਿ ਫਲਸਫੇ ਨਾਲ ਜੋੜਿਆ ਜਾ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਨੇ ਵੀ ਧਰਮ ਪ੍ਰਚਾਰ ਸਬੰਧੀ ਉਲੀਕੀ ਗਈ ਰੂਪ ਰੇਖਾ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਸੁਝਾਅ ਪੇਸ਼ ਕੀਤੇ।
ਇਸ ਮੌਕੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਸੁਰਜੀਤ ਸਿੰਘ ਸਭਰਾ, ਭਾਈ ਤਰਸੇਮ ਸਿੰਘ, ਬੀਬੀ ਹਰਪ੍ਰੀਤ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਰਾਜਿੰਦਰ ਸਿੰਘ ਆਦਿ ਮੌਜੂਦ ਸਨ।