ਅੰਮ੍ਰਿਤਸਰ, ੦੯ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡਾਂ, ਸ਼ਹਿਰਾਂ ਅਤੇ ਨਗਰਾਂ ਅੰਦਰ ਜਾਤ-ਪਾਤ ਦੇ ਵਖਰੇਵਿਆਂ ਨੂੰ ਖ਼ਤਮ ਕਰਨ ਲਈ ਯਤਨ ਆਰੰਭੇ ਗਏ ਹਨ। ਇਸ ਤਹਿਤ ਜਾਤਾਂ-ਪਾਤਾਂ ਦੇ ਆਧਾਰ ‘ਤੇ ਸਥਾਪਿਤ ਕੀਤੇ ਜਾ ਰਹੇ ਗੁਰਦੁਆਰਾ ਸਾਹਿਬਾਨ ਦੇ ਰੁਝਾਨ ਨੂੰ ਠੱਲ੍ਹਣ ਲਈ ‘ਇਕ ਨਗਰ ਇਕ ਗੁਰਦੁਆਰਾ’ ਮੁਹਿੰਮ ਤਹਿਤ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਥੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਾਂਝੀਵਾਲਤਾ ਅਨੁਸਾਰ ਇੱਕ ਹੀ ਗੁਰਦੁਆਰਾ ਸਾਹਿਬ ਹੋਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ੭ ਮਾਰਚ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ। ਇਸ ਲਹਿਰ ਨੂੰ ਅੱਗੇ ਤੋਰਨ ਲਈ ਜਗਰਾਉਂ ਨੇੜਲੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਚਕਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੇ ਉਪਰਾਲੇ ਨਾਲ ੧੦ ਮਾਰਚ ਨੂੰ ਇਕ ਵਿਸ਼ੇਸ਼ ਗੁਰਮਤਿ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਪਿੰਡ ਨੂੰ ਸਨਮਾਨਤ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ।
ਬੁਲਾਰੇ ਨੇ ਦੱਸਿਆ ਕਿ ਪਿੰਡ ਚਕਰ ੧੫ ਹਜ਼ਾਰ ਦੀ ਆਬਾਦੀ ਵਾਲਾ ਪਿੰਡ ਹੋਣ ਦੇ ਬਾਵਜੂਦ ਵੀ ਇਥੇ ਸਾਰੀਆਂ ਧਿਰਾਂ ਨੇ ਸਾਂਝੀਵਾਲਤਾ ਅਨੁਸਾਰ ਇਕ ਹੀ ਗੁਰਦੁਆਰਾ ਸਾਹਿਬ ਦੀ ਸਥਾਪਨਾ ਕੀਤੀ ਹੋਈ ਹੈ, ਜੋ ਸਾਰੇ ਨਗਰ ਦਾ ਸਾਂਝਾ ਗੁਰਦੁਆਰਾ ਹੈ। ਸ. ਬੇਦੀ ਨੇ ਕਿਹਾ ਕਿ ਅੱਜ ਜਾਤ-ਪਾਤ ਦੀਆਂ ਵੰਡੀਆਂ ਵੱਖਰੇਵਿਆਂ ਦੇ ਆਧਾਰ ‘ਤੇ ਗੁਰਦੁਆਰਾ ਸਾਹਿਬਾਨ ਉਸਾਰੇ ਜਾ ਰਹੇ ਹਨ, ਜੋ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਾਤ ਪਾਤ ਦੇ ਵਖਰੇਵੇਂ ਤੋਂ ਉਪਰ ਉਠ ਕੇ ਇਕ ਗੁਰਦੁਆਰਾ ਸਾਹਿਬ ਦੀ ਮੁਹਿੰਮ ਦੀ ਬੜ੍ਹਾਵਾ ਦੇਣ ਵਾਲੀਆਂ ਪੰਚਾਇਤਾਂ ਤੇ ਕਮੇਟੀਆਂ ਨੂੰ ਸਨਮਾਨਿਤ ਕਰਨ ਦਾ ਸ਼ਲਾਘਾਯੋਗ ਫੈਸਲਾ ਲਿਆ ਗਿਆ ਹੈ ਅਤੇ ਇਸ ਮੁਹਿੰਮ ਨੂੰ ਅੱਗੇ ਤੋਰਨ ਲਈ ਸੰਗਤਾਂ ਨੂੰ ਸਹਿਯੋਗੀ ਬਣਨਾ ਚਾਹੀਦਾ ਹੈ।