ਅੰਮ੍ਰਿਤਸਰ, 12 ਅਪ੍ਰੈਲ- ਇੰਗਲੈਂਡ ਦੇ ਸਿੱਖ ਐਮ.ਪੀ. ਸ. ਤਨਮਨਜੀਤ ਸਿੰਘ ਢੇਸੀ ਆਪਣੀ ਸੁਪਤਨੀ ਬੀਬੀ ਮਨਵੀਨ ਕੌਰ ਢੇਸੀ, ਬੇਟੇ ਜੋਗਾਦ ਸਿੰਘ ਢੇਸੀ ਤੇ ਤੋਸ਼ਾਬ ਸਿੰਘ ਢੇਸੀ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ. ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸਤਿਗੁਰੂ ਦੀ ਰਹਿਮਤ ਸਦਕਾ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਦਰ ’ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਸਿੱਖ ਨੌਜੁਆਨੀ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਦਸਤਾਰ ਦੇ ਗੌਰਵ ਦਾ ਪ੍ਰਤੀਕ ਹੈ ਅਤੇ ਸਮੁੱਚੀ ਸਿੱਖ ਨੌਜੁਆਨੀ ਨੂੰ ਸਾਬਤ ਸੂਰਤ ਰਹਿੰਦਿਆਂ ਦੇਸ਼ ਦੁਨੀਆਂ ਵਿਚ ਅੱਗੇ ਵਧਣਾ ਚਾਹੀਦਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ. ਤਨਮਨਜੀਤ ਸਿੰਘ ਢੇਸੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਤ ਕੀਤਾ।