ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਸਾਂਝੀਆਂ ਕੀਤੀਆਂ ਗੁਰਮਤਿ ਵਿਚਾਰਾਂ

ਅੰਮ੍ਰਿਤਸਰ, 2 ਅਪ੍ਰੈਲ – ਉਤਰ ਪ੍ਰਦੇਸ਼ ਦੇ ਜਿਲ੍ਹਾ ਪੀਲੀਭੀਤ ਵਿਚ ਗੁਰਦੁਆਰਾ ਦਮਦਮਾ ਸਾਹਿਬ ਗੋਮਤੀਪੁਲ ਪੂਰਨਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਹੋਇਆ। ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਰੂਪ ਵਿਚ ਕਰਵਾਇਆ ਗਿਆ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ। ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਸੰਗਤ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉਤਰ ਪ੍ਰਦੇਸ਼ ਅੰਦਰ ਧਾਰਮਿਕ ਸਭਾ ਸੁਸਾਇਟੀਆਂ, ਸਿੱਖ ਸੰਪਰਦਾਵਾਂ ਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਖ ਵੱਖ ਥਾਈਂ ਗੁਰਮਤਿ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਵਿਚ ਭਰਵੀਂ ਸੰਗਤ ਪੁੱਜ ਰਹੀ ਹੈ।
ਪੂਰਨਪੁਰ ਵਿਖੇ ਹੋਏ ਗੁਰਮਤਿ ਸਮਾਗਮ ਵਿਚ ਪੁੱਜੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭਾਈ ਦਵਿੰਦਰ ਸਿੰਘ, ਭਾਈ ਅਜਾਇਬ ਸਿੰਘ, ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾਪਿੰਡ, ਧਰਮ ਪ੍ਰਚਾਰ ਕਮੇਟੀ ਦੇ ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਯੂਪੀ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਭਾਈ ਬ੍ਰਿਜਪਾਲ ਸਿੰਘ, ਉਤਰਾਖੰਡ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਹਰਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਹਾਜ਼ਰੀ ਭਰੀ।
ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਵਿਸ਼ਵ ਦੇ ਸਰੋਕਾਰਾਂ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ ਅਤੇ ਸਾਨੂੰ ਅਜਿਹੀ ਸਮਰੱਥ ਵਿਚਾਰਧਾਰਾ ਬਖਸ਼ਣ ਵਾਲੇ ਪਾਤਸ਼ਾਹ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ਉਤੇ ਮਨਾਉਣ ਲਈ ਆਪੋ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਨੂੰ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵੱਧ ਤੋਂ ਵੱਧ ਵਰਤਣਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਉਤਰ ਪ੍ਰਦੇਸ਼ ਤੇ ਉਤਰਾਖੰਡ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ ਚਲਾਉਣ ਲਈ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਯਤਨਾ ਦੀ ਸ਼ਲਾਘਾ ਕੀਤੀ ਅਤੇ ਵੱਖ-ਵੱਖ ਸੰਪਰਦਾਵਾਂ ਵੱਲੋਂ ਇਸ ਸਬੰਧੀ ਕੀਤੀ ਜਾ ਰਹੀ ਸਹਿਯੋਗੀ ਭੂਮਿਕਾ ਨੂੰ ਵੀ ਸਲਾਹਿਆ। 
ਇਸ ਮੌਕੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਵੱਲੋਂ ਬਾਬਾ ਜਗਜੀਤ ਸਿੰਘ ਕਾਕਾ ਵੀਰ ਜੀ ਨੇ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ, ਕਥਾਵਚਾਕਾਂ, ਰਾਗੀ ਤੇ ਕਵੀਸ਼ਰ ਢਾਡੀ ਜਥਿਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰਨਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ, ਬਾਬਾ ਜਸਵੰਤ ਸਿੰਘ, ਬਾਬਾ ਬਲਬੀਰ ਸਿੰਘ, ਬਾਬਾ ਕੇਵਲ ਸਿੰਘ, ਬਾਬਾ ਗੁਰਤੇਜ ਸਿੰਘ, ਬਾਬਾ ਗੁਰਨਾਮ ਸਿੰਘ ਮਹਿੰਗਾਪੁਰ, ਸ. ਬਲਜੀਤ ਸਿੰਘ ਪ੍ਰਧਾਨ ਸਿੰਘ ਸਭਾ ਪੂਰਨਪੁਰ, ਸ. ਸੇਵਾ ਸਿੰਘ ਪ੍ਰਧਾਨ ਗੁਰਦੁਆਰਾ ਨਾਨਕਮਤਾ ਸਾਹਿਬ, ਬੀਬੀ ਇੰਦਰਜੀਤ ਕੌਰ, ਪ੍ਰਚਾਰਕ ਭਾਈ ਸਤਵੰਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਕਰਮ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਸੁਖਵਿੰਦਰ ਸਿੰਘ ਆਦਿ ਮਜੂਦ ਸਨ।