ਅੰਮ੍ਰਿਤਸਰ, 2 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੋ. ਕਰਤਾਰ ਸਿੰਘ ਨੇ ਪੁਰਾਤਨ ਕੀਰਤਨ ਸ਼ੈਲੀ ਵਿਚ ਹਜ਼ਾਰਾਂ ਰਾਗੀ ਜਥਿਆਂ ਨੂੰ ਕੀਰਤਨ ਦੀ ਸਿਖਲਾਈ ਦੇਣ ਵਿਚ ਵੱਡੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਕਰਤਾਰ ਸਿੰਘ ਨੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਵਿਚ ਕੀਰਤਨ ਕਰਨ ਲਈ ਨਿਪੁੰਨ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪ੍ਰੋ. ਕਰਤਾਰ ਸਿੰਘ ਦਾ ਸੰਸਾਰ ਤੋਂ ਚਲੇ ਜਾਣਾ ਪੰਥ ਤੇ ਉਨ੍ਹਾਂ ਦੇ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਪ੍ਰੋ. ਕਰਤਾਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਿਜੈ ਸਿੰਘ ਤੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਵੀ ਪ੍ਰੋਫੈਸਰ ਕਰਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸੇ ਦੌਰਾਨ ਪ੍ਰੋ. ਕਰਤਾਰ ਸਿੰਘ ਦੇ ਅੰਤਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।