ਅੰਮ੍ਰਿਤਸਰ, 8 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਇੰਡੋਨੇਸ਼ੀਆ ਦੇ ਜਕਾਰਤਾ ’ਚ ਹੋਈਆਂ ਏਸ਼ੀਅਨ ਖੇਡਾਂ ਵਿੱਚੋਂ ਮੈਡਲ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਹੜੇ ਵੀ ਸਾਬਤ ਸੂਰਤ ਸਿੱਖ ਖਿਡਾਰੀ ਵੱਖ-ਵੱਖ ਅੰਤਰ-ਰਾਸ਼ਟਰੀ, ਰਾਸ਼ਟਰੀ ਤੇ ਸਟੇਟ ਟੂਰਨਾਮੈਂਟਾਂ ਵਿੱਚੋਂ ਮੈਡਲ ਪ੍ਰਾਪਤ ਕਰਨਗੇ ਉਨ੍ਹਾਂ ਨੂੰ ਹੌਸਲਾ ਅਫ਼ਸਾਈ ਵਜੋਂ ਵਿਸ਼ੇਸ਼ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਈਆਂ ਏਸ਼ੀਅਨ ਖੇਡਾਂ ਵਿੱਚੋਂ ਜਿਨ੍ਹਾਂ ਵੀ ਸਾਬਤ ਸੂਰਤ ਸਿੱਖ ਖਿਡਾਰੀਆਂ ਨੇ ਮੈਡਲ ਪ੍ਰਾਪਤ ਕੀਤੇ ਹਨ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਐਲਾਨੇ ਇਨਾਮ ਅਤੇ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਨੌਜੁਆਨੀ ਦਾ ਖੇਡਾਂ ਵੱਲ ਰੁਚਿਤ ਹੋਣਾ ਚੰਗੇ ਸਮਾਜ ਦੀ ਸਿਰਜਣਾ ਵਿਚ ਅਹਿਮ ਹਿੱਸਾ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕਰਨ ਦਾ ਮੰਤਵ ਹੋਰਨਾਂ ਨੌਜੁਆਨਾਂ ਨੂੰ ਜਿਥੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ ਉਥੇ ਹੀ ਸਮਾਜ ਅੰਦਰ ਪਤਿਤਪੁਣੇ ਦੇ ਰੁਝਾਨ ਨੂੰ ਠੱਲ੍ਹਣਾ ਵੀ ਹੈ। ਉਨ੍ਹਾਂ ਵੱਖ-ਵੱਖ ਖੇਡਾਂ ਵਿਚ ਮੈਡਲ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ।