ਅੰਮ੍ਰਿਤਸਰ, 13 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਅਤੇ ਸਾਬਕਾ ਕੈਬਨਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਦਾ ਪੰਥਕ ਸਿਆਸਤ ਵਿਚ ਅਹਿਮ ਸਥਾਨ ਸੀ, ਜਿਨ੍ਹਾਂ ਦੇ ਸੰਸਾਰ ਤੋਂ ਚਲੇ ਜਾਣ ਨਾਲ ਸਿੱਖ ਸਿਆਸਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਹਮੇਸ਼ਾ ਹੀ ਸਿੱਖ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਤਤਪਰ ਰਹੇ। ਐਡਵੋਕੇਟ ਧਾਮੀ ਨੇ ਜਥੇਦਾਰ ਬ੍ਰਹਮਪੁਰਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
