ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਐਤਵਾਰ, ੨੧ ਹਾੜ (ਸੰਮਤ ੫੫੮ ਨਾਨਕਸ਼ਾਹੀ) ੦੫ ਜੁਲਾਈ, ੨੦੨੬ (ਅੰਗ: ੬੬੩)


ਅੰਮ੍ਰਿਤਸਰ, 25 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਬਲਜਿੰਦਰ ਸਿੰਘ ਨੇ ਜਿਥੇ ਪ੍ਰੰਪਰਿਕ ਢੰਗ ਨਾਲ ਦੇਸ਼ ਵਿਦੇਸ਼ ਅੰਦਰ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ, ਉਥੇ ਹੀ ਉਨ੍ਹਾਂ ਵੱਲੋਂ ਗੁਰਬਾਣੀ ਨੂੰ ਡਿਜੀਟਲ ਮਾਧਿਅਮ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਤਿਆਰ ਕੀਤਾ ਈਸ਼ਰ ਮਾਈਕਰੋ ਮੀਡੀਆ ਕੌਮ ਲਈ ਵੱਡੀ ਦੇਣ ਹੈ। ਉਨ੍ਹਾਂ ਦੇ ਇਸ ਉਪਰਾਲੇ ਦਾ ਕੇਵਲ ਗੁਰਬਾਣੀ ਅਤੇ ਇਤਿਹਾਸ ਦੇ ਖੋਜੀ ਹੀ ਲਾਹਾ ਨਹੀਂ ਲੈ ਰਹੇ, ਸਗੋਂ ਆਮ ਸਿੱਖ ਸੰਗਤਾਂ ਵੀ ਇਸ ਦੀ ਵਰਤੋਂ ਕਰਕੇ ਗੁਰਬਾਣੀ ਅਤੇ ਗੁਰਮਤਿ ਨਾਲ ਜੁੜ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਦੇ ਇੰਟਰਨੈੱਟ ਦੇ ਯੁੱਗ ਅੰਦਰ ਉਨ੍ਹਾਂ ਦੀ ਇਸ ਦੇਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਐਡਵੋਕੇਟ ਧਾਮੀ ਨੇ ਬਾਬਾ ਬਲਜਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੇ ਸਨੇਹੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕਰਤਾ ਪੁਰਖ਼ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕੀਤਾ।