ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਸ਼ਨਿੱਚਰਵਾਰ, ੧੧ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੪ ਮਈ, ੨੦੨੫ (ਅੰਗ: ੮੨੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।


ਹਰਿਆਣਾ ਕਮੇਟੀ ਦੇ ਨਤੀਜਿਆਂ ਨੇ ਸਰਕਾਰੀ ਹੱਥਠੋਕਿਆਂ ਨੂੰ ਦਖਾਇਆ ਸ਼ੀਸ਼ਾ- ਐਡਵੋਕੇਟ ਧਾਮੀ

ਅੰਮ੍ਰਿਤਸਰ 20 ਜਨਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਅਮਰੀਕ ਸਿੰਘ ਅਜਨਾਲਾ ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੇ ਪੁਤਲੇ ਸਾੜਨ ਅਤੇ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਪ੍ਰਤੀ ਗਲਤ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਜ਼ਰੂਰ ਸੋਚਣਾ ਚਾਹੀਦਾ ਹੈ। ਇਹ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿ ਕੌਮ ਦੇ ਸਰਵਉੱਚ ਅਸਥਾਨ ਅਤੇ ਕੌਮ ਦੀਆਂ ਸਨਮਾਨਿਤ ਸ਼ਖ਼ਸੀਅਤਾਂ ਦਾ ਕੋਈ ਨਿਰਾਦਰ ਕਰੇ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਆਮ ਚੋਣਾਂ ਦੇ ਆਏ ਨਤੀਜਿਆਂ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਇਹ ਨਤੀਜੇ ਸਰਕਾਰਾਂ ਦੇ ਹੱਥਾਂ ਵਿਚ ਖੇਡ ਰਹੇ ਲੋਕਾਂ ਨੂੰ ਸੰਗਤ ਵੱਲੋਂ ਦਿਖਾਇਆ ਗਿਆ ਸ਼ੀਸ਼ਾ ਹੈ। ਉਨ੍ਹਾਂ ਆਖਿਆ ਕਿ ਸ. ਬਲਜੀਤ ਸਿੰਘ ਦਾਦੂਵਾਲ ਸਮੇਤ ਸਰਕਾਰੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਸੰਗਤ ਵੱਲੋਂ ਨਕਾਰਿਆ ਜਾਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਗੁਰੂ ਦੇ ਸਿੱਖ ਕਦੇ ਵੀ ਗੁਰਧਾਮਾਂ ਦੇ ਪ੍ਰਬੰਧ ਅੰਦਰ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਖਰੀ ਹਰਿਆਣਾ ਕਮੇਟੀ ਦੇ ਹੱਕ ਵਿਚ ਨਹੀਂ ਹੈ, ਪਰੰਤੂ ਫਿਰ ਵੀ ਸੰਗਤ ਨੇ ਜਿਨ੍ਹਾਂ ਨੂੰ ਮੈਂਬਰ ਚੁਣਿਆ ਉਨ੍ਹਾਂ ਦੀ ਜ਼ੁੰਮੇਵਾਰੀ ਬਣਦੀ ਹੈ ਕਿ ਸਿੱਖ ਸਿਧਾਂਤਾਂ, ਪੰਥਕ ਮਾਨਤਾਵਾਂ ਅਤੇ ਗੁਰਦੁਆਰਾ ਪ੍ਰਬੰਧ ਦੀ ਪੰਥਕ ਭਾਵਨਾਵਾਂ ਅਨੁਸਾਰ ਸੇਵਾ ਸੰਭਾਲ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੋਣ।