ਅੰਮ੍ਰਿਤਸਰ, 12 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਦੇ ਅਕਾਲ ਚਲਾਣੇ ਨੂੰ ਪੰਥਕ ਘਾਟਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੇ ਮੁਖੀ ਵੱਜੋਂ ਸੇਵਾ ਨਿਭਾਉਂਦਿਆਂ ਸ. ਨਿਰਮਲ ਸਿੰਘ ਨੇ ਜ਼ਿਕਰਯੋਗ ਕਾਰਜ ਕੀਤੇ ਹਨ ਅਤੇ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਚੀਫ ਖਾਲਸਾ ਦੀਵਾਨ ਦੇ ਨਾਲ-ਨਾਲ ਸਮੁੱਚੇ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ. ਨਿਰਮਲ ਸਿੰਘ ਦੇ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।