ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੭ ਜੂਨ, ੨੦੨੬ (ਅੰਗ: ੭੯੬)

ਅੰਮ੍ਰਿਤਸਰ, 13 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਨਵੀਂ ਪਛਾਣ ਦਿੱਤੀ ਅਤੇ ਸਵੈਮਾਣ ਨਾਲ ਜੀਣ ਦਾ ਰਾਹ ਦਿਖਾਇਆ। ਦੁਨੀਆਂ ਅੰਦਰ ਵੱਡੀ ਮਹੱਤਤਾ ਰੱਖਦਾ ਸਿੱਖ ਇਤਿਹਾਸ ਦਾ ਇਹ ਪੰਨਾ ਕੌਮ ਨੂੰ ਹਮੇਸ਼ਾ ਹੱਕ ਸੱਚ ਦੀ ਅਵਾਜ਼ ਬਣਨ ਅਤੇ ਅਸੂਲਾਂ ’ਤੇ ਡਟੇ ਰਹਿਣ ਦੀ ਪ੍ਰੇਰਣਾ ਦਿੱਤਾ ਹੈ। ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਆਪਣੇ ਇਸ ਇਤਿਹਾਸਕ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਅੰਦਰ ਵਸਦੀ ਸਿੱਖ ਸੰਗਤ ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਂਦਿਆਂ ਆਪਣੇ ਬੱਚਿਆਂ ਨੂੰ ਇਤਿਹਾਸ ਦੇ ਇਸ ਸੁਨਹਿਰੀ ਪੰਨੇ ਤੋਂ ਜ਼ਰੂਰ ਜਾਣੂ ਕਰਵਾਏ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਅੰਦਰ ਸਿੱਖੀ ਸਰੋਕਾਰ ਦ੍ਰਿੜ੍ਹ ਹੋ ਸਕਣ। ਉਨ੍ਹਾਂ ਸੰਗਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।