ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦਾ ਕੀਤਾ ਸਵਾਗਤ

ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਥੇ ਦੇ ਮੈਂਬਰ ਸਨਮਾਨਿਤ, ਸਿੱਖ ਇਤਿਹਾਸ ਤੋਂ ਵੀ ਕਰਵਾਇਆ ਜਾਣੂ


ਅੰਮ੍ਰਿਤਸਰ, ੨੪ ਮਾਰਚ-ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ੩੫੦ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਜਥਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜਾ, ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਾਨਦਾਰ ਸਵਾਗਤ ਕੀਤਾ। ਇਹ ਜਥਾ ਸਥਾਨਕ ਨਾਵਲਟੀ ਚੌਂਕ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਇਕ ਮਾਰਚ ਦੇ ਰੂਪ ਵਿਚ ਇਥੇ ਪਹੁੰਚਿਆ। ਯਾਤਰੀ ਜਥੇ ਵਿਚ ੩੦ ਦੇ ਕਰੀਬ ਸਿੱਖ ਸਨ, ਜਦਕਿ ਜਥੇ ਦੇ ਬਾਕੀ ਮੈਂਬਰ ਗੈਰ ਸਿੱਖ ਸ਼ਰਧਾਲੂ ਸਨ। ਜਥੇ ਦੇ ਸਾਰੇ ਮੈਂਬਰਾਂ ਨੇ ਇਕਸਾਰ ਕੇਸਰੀ ਦਸਤਾਰਾਂ ਸਜਾਈਆਂ ਹੋਈਆਂ ਸਨ ਅਤੇ ਹਰੇਕ ਮੈਂਬਰ ਦਾ ਪਹਿਰਾਵਾ ਵੀ ਇਕੋ ਜਿਹਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਨ ਤੋਂ ਬਾਅਦ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਥੇ ਦੇ ਸਾਰੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਸ. ਸੱਜਣ ਸਿੰਘ ਬੱਜੂਮਾਨ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ ਅਤੇ ਡਾ. ਰੂਪ ਸਿੰਘ ਮੁੱਖ ਸਕੱਤਰ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਜਥੇ ਦੇ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਸਿੱਖ ਧਰਮ ਬਾਰੇ ਸੰਖੇਪ ਰੂਪ ਵਿਚ ਜਾਣਕਾਰੀ ਵੀ ਦਿੱਤੀ। ਇਸੇ ਦੌਰਾਨ ਜਥੇ ਦੇ ਆਗੂਆਂ ਪਾਸੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਨਮਾਨ ਡਾ. ਰੂਪ ਸਿੰਘ ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਜਥੇ ਵੱਲੋਂ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਮੈਂਬਰ ਸ. ਰਜਿੰਦਰ ਸਿੰਘ ਬੱਗਾ ਨੇ ਦੱਸਿਆ ਕਿ ਔਰੰਗਾਬਾਦ ਦੇ ‘ਏ ਟੂ ਜੈੱਡ’ ਗਰੁੱਪ ਵੱਲੋਂ ਹਰ ਸਾਲ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਲਿਜਾਇਆ ਜਾਂਦਾ ਹੈ ਅਤੇ ਇਸ ਸਾਲ ਇਹ ਜਥਾ ਅਧਿਆਤਮਿਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਯਾਤਾਰਾ ਮਾਨਵਤਾ ਦੇ ਸਰਬ ਸਾਂਝੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਮੁੱਚੇ ਪ੍ਰਬੰਧਕਾਂ ਦਾ ਚੰਗੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਜਥੇ ਦੇ ਪ੍ਰਮੁੱਖ ਆਗੂਆਂ ਵਿਚ ਮੈਂਬਰ ਪਾਰਲੀਮੈਂਟ ਸ੍ਰੀ ਚੰਦਰ ਕਾਂਤ ਖੈਰੇ, ਮਹਾਰਾਸ਼ਟਰ ਸਰਕਾਰ ਦੇ ਮੰਤਰੀ ਸ੍ਰੀ ਅਰਜੁਨ ਖੋਤਕਰ, ਔਰੰਗਾਬਾਦ ਦੇ ਮੇਅਰ ਸ੍ਰੀ ਨੰਦ ਕੁਮਾਰ ਗੋੜੇਲੇ, ਲੋਕਮਤ ਦੇ ਮੁੱਖ ਸੰਪਾਦਕ ਸ੍ਰੀ ਰਜਿੰਦਰ ਬਾਬੂ ਦਰੜਾ, ਵਿਧਾਇਕ ਸ੍ਰੀ ਅਤੁਲ ਸਾਵੇ, ਸ੍ਰੀ ਸੁਭਾਸ਼ ਚਾਬੜ, ਸ੍ਰੀ ਸੰਜੇ ਸਿਰਸਾਟ, ਸ੍ਰੀ ਸਚਿਨ ਨਾਗੋਰੀ, ਸ. ਰਜਿੰਦਰ ਸਿੰਘ ਬੱਗਾ, ਸ੍ਰੀ ਨਿਤਿਨ ਮੁਗਦੀਆ ਆਦਿ ਸ਼ਾਮਲ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਸ. ਸੱਜਣ ਸਿੰਘ ਬੱਜੂਮਾਨ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਦਰਸ਼ਨ ਸਿੰਘ ਪੀ.ਏ. ਆਦਿ ਹਾਜ਼ਰ ਸਨ।