ਅੰਮ੍ਰਿਤਸਰ, 28 ਮਈ- ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਥਾਵਾਚਕ ਭਾਈ ਜਸਵਿੰਦਰ ਸਿੰਘ ਦਰਦੀ ਨੇ 21 ਹਜ਼ਾਰ ਰੁਪਏ ਭੇਟ ਕੀਤੇ ਹਨ। ਉਹ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਲਈ ਆਏ ਹੋਏ ਸਨ। ਉਨ੍ਹਾਂ ਨੇ ਲੰਗਰ ਲਈ ਰਾਸ਼ੀ ਭੇਟ ਕਰਨ ਮੌਕੇ ਆਖਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ’ਤੇ ਦੇਸ਼ ਦੁਨੀਆਂ ਤੋਂ ਆਉਂਦੀਆਂ ਸੰਗਤਾਂ ਲੰਗਰ ਛਕ ਕੇ ਤ੍ਰਿਪਤ ਹੁੰਦੀਆਂ ਹਨ। ਇਹ ਗੁਰੂ ਘਰ ਦੀ ਵਿਲੱਖਣਤਾ ਹੈ। ਲੰਗਰ ਲਈ ਸੇਵਾ ਵਿਚ ਹਿੱਸਾ ਪਾਉਣਾ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਭਾਈ ਜਸਵਿੰਦਰ ਸਿੰਘ ਦਰਦੀ ਦਾ ਧੰਨਵਾਦ ਕੀਤਾ। ਉਨ੍ਹਾਂ ਨੂੰ ਸ. ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸ. ਰਮਨਦੀਪ ਸਿੰਘ ਆਦਿ ਮੌਜੂਦ ਸਨ।