ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੋਗਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਨੂੰ ਵੀ ਮੰਦਭਾਗਾ ਕਰਾਰ ਦਿੱਤਾ

ਅੰਮ੍ਰਿਤਸਰ, ੨੮ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਦੱਸਣਯੋਗ ਹੈ ਕਿ ਕਮਲ ਨਾਥ ਆਪਣੀ ਫੇਸਬੁੱਕ ‘ਤੇ ਪਾਈ ਇਕ ਪੋਸਟ ਵਿਚ ਸਿੱਖਾਂ ਦੇ ਪ੍ਰਚੱਲਤ ਬੋਲ ਨੂੰ ਤੋੜ ਮਰੋੜ ਕੇ ਪੇਸ਼ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਥਾਂ ਆਪਣਾ ਨਾਂ ਵਰਤਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਕਮਲ ਨਾਥ ਨੇ ਅਜਿਹਾ ਕਰਕੇ ਆਪਣੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ। ਉਸ ਦੀ ਇਸ ਹਰਕਤ ਨਾਲ ਸਿੱਖ ਸੰਗਤਾਂ ਵਿਚ ਰੋਸ ਅਤੇ ਰੋਹ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਮਾਮਲੇ ਵਿਚ ਕਮਲ ਨਾਥ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਮੋਗਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਪਾਵਨ ਗੁਰਬਾਣੀ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਇਸ ਦੀ ਬੇਅਦਬੀ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕਰਦੇ ਹਨ। ਭਾਈ ਲੌਂਗੋਵਾਲ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਦੀ ਤਹਿ ਤੱਕ ਪੁੱਜਣ ਤਾਂ ਜੋ ਪਤਾ ਲੱਗ ਸਕੇ ਕਿ ਇਸ ਦੇ ਪਿੱਛੇ ਕਿਹੜੀਆਂ ਸ਼ਖਤੀਆਂ ਕੰਮ ਕਰਦੀਆਂ ਹਨ।