ਅੰਮ੍ਰਿਤਸਰ, ੨੫ ਅਗਸਤ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖ ਸੰਗਤ ਦੀਆਂ ਅਰਸੇ ਤੋਂ ਕੀਤੀਆਂ ਜਾਂਦੀਆਂ ਅਰਦਾਸਾਂ ਦਾ ਫਲ ਹੈ ਅਤੇ ਇਸ ਲਾਂਘੇ ‘ਤੇ ਕਿਸੇ ਨੂੰ ਵੀ ਇਤਰਾਜ਼ ਪ੍ਰਗਟ ਨਹੀਂ ਕਰਨਾ ਚਾਹੀਦਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਵੱਲੋਂ ਲਾਂਘੇ ਸਬੰਧੀ ਦਿੱਤੀ ਗਈ ਪ੍ਰਤੀਕ੍ਰਿਆ ਦੇ ਸਬੰਧ ਵਿਚ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਭਾਈ ਲੌਂਗੋਵਾਲ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ੭੦ ਸਾਲ ਮਗਰੋਂ ਅੱਜ ਜਦੋਂ ਲਾਂਘਾ ਖੁਲ੍ਹਣ ਜਾ ਰਿਹਾ ਹੈ ਤਾਂ ਸੁਬਰਾਮਨੀਅਮ ਸਵਾਮੀ ਦਾ ਬਿਆਨ ਹੈਰਾਨੀ ਪ੍ਰਗਟ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਕੱਲੇ ਸਿੱਖਾਂ ਲਈ ਹੀ ਨਹੀਂ, ਸਗੋਂ ਦੋਹਾਂ ਦੇਸਾਂ ਦੇ ਲੋਕਾਂ ਲਈ ਵੀ ਅਮਨ ਦਾ ਮਾਰਗ ਹੈ। ਇਸ ਦੇ ਖੁਲ੍ਹਣ ਨਾਲ ਦੋਹਾਂ ਦੇਸ਼ਾਂ ਦੀ ਆਪਸੀ ਭਾਈਚਾਰਕ ਸਾਂਝ ਹੋਰ ਮਜਬੂਤ ਹੋਵੇਗੀ। ਉਨ੍ਹਾਂ ਹੋਰ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਅਸਥਾਨ ਨੂੰ ਜੋੜਣ ਵਾਲੇ ਇਸ ਲਾਂਘੇ ਪ੍ਰਤੀ ਕੁਝ ਵੀ ਨਾਂਹਵਾਚੀ ਬੋਲਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਵਾਮੀ ਦੇ ਦਿੱਤੇ ਬਿਆਨ ਕਾਰਨ ਸਿੱਖ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਲਾਂਘੇ ਦਾ ਕੰਮ ਜਾਰੀ ਰੱਖਣ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਲਾਂਘੇ ਦਾ ਕੰਮ ਨਵੰਬਰ ਦੇ ਪਹਿਲੇ ਹਫਤੇ ਤੱਕ ਮੁਕੰਮਲ ਹੋ ਜਾਵੇਗਾ।