੧੦ ਨਵੰਬਰ ਨੂੰ ਹੋਣ ਵਾਲੇ ਗੁਰਮਤਿ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਦਿੱਤੇ ਨਿਰਦੇਸ਼


ਅੰਮ੍ਰਿਤਸਰ/ਡੇਰਾ ਬਾਬਾ ਨਾਨਕ, ੧੭ ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਲਾਂਘੇ ਸੰਬੰਧੀ ਭਾਰਤ ਅਤੇ ਪਾਕਿਸਤਾਨ ਵੱਲ ਚੱਲ ਰਹੀਆਂ ਸਰਗਰਮੀਆਂ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਡੇਰਾ ਬਾਬਾ ਨਾਨਕ ਸਥਿਤ ਭਾਰਤ-ਪਾਕਿਸਤਾਨ ਸਰਹੱਦ ਉੱਪਰ ਲਾਂਘਾ ਸਥਾਨ ‘ਤੇ ਜਾ ਕੇ ਮੌਕੇ ਦਾ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਮੈਮੋਰੰਡਮ ਆਫ ਅੰਡਰਸਟੈਂਡਿੰਗ ਤਹਿਤ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਤਿਆਰ ਹੋ ਜਾਣ ਤਾਂ ਸ਼੍ਰੋਮਣੀ ਕਮੇਟੀ ਲਾਂਘਾ ਉਸਾਰੀ, ਰਾਵੀ ਦਰਿਆ ‘ਤੇ ਪੁਲ ਦੀ ਉਸਾਰੀ ਸਮੇਤ ਹੋਰ ਹੋਣ ਵਾਲੀ ਸਾਫ਼ ਸਫ਼ਾਈ ਦੀ ਸੇਵਾ ਕਰਨ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ ਇਥੇ ਕੌਮਾਂਤਰੀ ਸਰਹੱਦ ਦੇ ਬਿਲਕੁਲ ਨਾਲ ੧੦ ਅਤੇ ੧੧ ਨਵੰਬਰ ਨੂੰ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਕੀਤੇ ਜਾਣ ਵਾਲੇ ਸਮਾਗਮ ਨਾਲ ਹੋਵੇਗੀ ਅਤੇ ਇਸ ਸਬੰਧੀ ਜਗ੍ਹਾ ਚੁਣਨ ਲਈ ਅਤੇ ਲੇਜ਼ਰ ਸ਼ੋਅ ਸਮੇਤ ਦੀਪਮਾਲਾ ਲਈ ਢੁੱਕਵੇਂ ਪ੍ਰਬੰਧਾਂ ਲਈ ਉਨ੍ਹਾਂ ਨੇ ਅੱਜ ਇਸ ਲਾਂਘਾ ਸਥਲ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਦੋਂ ਇਥੇ ਗੁਰਮਤਿ ਸਮਾਗਮ ਹੋਣ ਤਾਂ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਸਾਹਿਬ ਵਿਖੇ ਵੀ ਸੁੰਦਰ ਦੀਪਮਾਲਾ ਹੋਵੇ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਡੇਰਾ ਬਾਬਾ ਨਾਨਕ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ‘ਚ ਦਿੱਲੀ ਕਮੇਟੀ ਹਰ ਪ੍ਰਕਾਰ ਦਾ ਸਹਿਯੋਗ ਦੇਵੇਗੀ ਅਤੇ ਕਰਤਾਰਪੁਰ ਦੇ ਲਾਂਘੇ ਲਈ ਭਾਰਤ ਸਰਕਾਰ ਨਾਲ ਜਿਸ ਪੱਧਰ ‘ਤੇ ਵੀ ਗੱਲਬਾਤ ਕਰਨੀ ਪਵੇਗੀ ਦਿੱਲੀ ਕਮੇਟੀ ਹਰ ਯਤਨ ਕਰੇਗੀ। ਦਿੱਲੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ ਕਿ ੧੦ ਨਵੰਬਰ ਨੂੰ ਹੋਣ ਵਾਲੇ ਸਮਾਗਮਾਂ ਸਮੇਂ ਜਿਥੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵੱਡੇ ਕੈਮਰਿਆਂ ਦਾ ਪ੍ਰਬੰਧ ਕੀਤਾ ਜਾਵੇ, ਉਥੇ ਹੀ ਪਾਕਿਸਤਾਨ ਸਰਕਾਰ ਨੂੰ ਵੀ ਕਿਹਾ ਜਾਵੇਗਾ ਕਿ ਉਹ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਵਾਲੇ ਪਾਸੇ ਦੀ ਸਰਕੰਡਾ ਆਦਿ ਕਟਵਾ ਕੇ ਸਫ਼ਾਈ ਕਰਵਾਈ ਜਾਵੇ, ਤਾਂ ਜੋ ਸੰਗਤਾਂ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣ। ਇਸ ਮੌਕੇ ਕਰਤਾਰਪੁਰ ਦੇ ਲਾਂਘੇ ਲਈ ਮੂਲ ਮੰਤਰ ਦੇ ਪਾਠ ਉਪਰੰਤ ਸਮੂਹਿਕ ਤੌਰ ‘ਤੇ ਅਰਦਾਸ ਵੀ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਪਰਮਜੀਤ ਸਿੰਘ ਰਾਣਾ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਦੌਰਾਨ ਭਾਈ ਲੌਂਗੋਵਾਲ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਗੁਰਦੁਆਰਾ ਸਾਹਿਬ ਵਲੋਂ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਗਈ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂੰ, ਸ. ਮਨਜੀਤ ਸਿੰਘ ਬੱਪੀਆਣਾ, ਸ. ਪਰਮਜੀਤ ਸਿੰਘ ਰਾਣਾ ਦਿੱਲੀ, ਸ. ਕੁਲਮੋਹਨ ਸਿੰਘ ਦਿੱਲੀ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਲੌਂਗੋਵਾਲ, ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰ ਵਿੱਚੋਂ ਸ. ਵਰਿਆਮ ਸਿੰਘ ਤੇ ਸ. ਗੁਰਨਾਮ ਸਿੰਘ, ਬਾਬਾ ਸੁਖਦੀਪ ਸਿੰਘ ਬੇਦੀ, ਸ. ਗੁਰਦੇਵ ਸਿੰਘ ਮੈਨੇਜਰ ਅਤੇ ਹੋਰ ਮੌਜੂਦ ਸਨ।