ਅੰਮ੍ਰਿਤਸਰ, ੫ ਅਕਤੂਬਰ- ਕਲਕੱਤਾ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਇਕ ਪੰਡਾਲ ਬਣਾਉਣ ਦਾ ਮਾਮਲਾ ਸਾਹਮਣੇ ਆਉਣ ‘ਤੇ ਸਿੱਖ ਸੰਗਤਾਂ ਅੰਦਰ ਰੋਸ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਕਲਕੱਤਾ ਦੇ ਭਵਾਨੀਪੁਰ ਇਲਾਕੇ ‘ਚ ਨਾਰਦਰਨ ਪਾਰਕ ‘ਚ ਦੁਰਗਾ ਪੂਜਾ ਮੌਕੇ ਇਹ ਪੰਡਾਲ ਬਣਾਇਆ ਗਿਆ ਹੈ, ਜੋ ਬਿਲਕੁਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ਦਾ ਹੈ। ਇਸ ‘ਤੇ ਸੰਗਤਾਂ ਨੇ ਇਤਰਾਜ਼ ਪ੍ਰਗਟ ਕੀਤੇ ਹਨ। ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਸ ਕਾਰਵਾਈ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਕਾਰਵਾਈ ਸਿੱਖ ਰਵਾਇਤਾਂ, ਪ੍ਰੰਪਰਾਵਾਂ ਅਤੇ ਸਿਧਾਂਤਾਂ ਦੇ ਉਲਟ ਹੈ। ਇਸ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦੁਖੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨਹੀਂ ਕੀਤੀ ਜਾ ਸਕਦੀ। ਅਜਿਹਾ ਕਰਨ ਵਾਲਿਆਂ ਨੂੰ ਸਿੱਖ ਰਵਾਇਤਾਂ, ਮਾਨਤਾਵਾਂ ਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਸੀ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਲਕੱਤਾ ਵਿਖੇ ਗੁਰਦੁਆਰਾ ਬੜਾ ਸਿੱਖ ਸੰਗਤ ਦੇ ਪ੍ਰਬੰਧਕਾਂ ਨੂੰ ਪੜਤਾਲ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਿੱਖ ਮਿਸ਼ਨ ਕਲਕੱਤਾ ਦੇ ਇੰਚਾਰਜ ਵੀ ਪੜਤਾਲ ‘ਚ ਸਹਿਯੋਗ ਕਰਨਗੇ। ਭਾਈ ਲੌਂਗੋਵਾਲ ਨੇ ਵਰਤਮਾਨ ਸਮੇਂ ‘ਚ ਅਜਿਹੀਆਂ ਸਿੱਖ ਵਿਰੋਧੀ ਕਾਰਵਾਈਆਂ ਦੇ ਚਲਨ ‘ਤੇ ਵੀ ਚਿੰਤਾ ਪ੍ਰਗਟ ਕੀਤੀ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਇਕ ਗਾਂ ਦੀ ਤਸਵੀਰ ਉੱਪਰ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਲਗਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਅਜਿਹਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਈ ਵਾਰ ਸਾਈਬਰ ਕਰਾਇਮ ਵਿਭਾਗ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੇ ਮਾਮਲਿਆਂ ਸਬੰਧੀ ਕਾਰਵਾਈ ਲਈ ਲਿਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੋਣਾ ਇਹ ਚਾਹੀਦਾ ਹੈ ਕਿ ਜਦੋਂ ਵੀ ਕੋਈ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਪੋਸਟ ਸਾਹਮਣੇ ਆਵੇ ਤਾਂ ਸਰਕਾਰ ਦਾ ਸਾਈਬਰ ਕਰਾਇਮ ਸੈੱਲ ਤੁਰੰਤ ਹਰਕਤ ਵਿਚ ਆਵੇ।