ਅੰਮ੍ਰਿਤਸਰ, 11 ਸਤੰਬਰ- ਤਲਵੰਡੀ ਸਾਬੋ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਨ੍ਹਾਂ ਬੱਚਿਆਂ ਨੂੰ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਣ ਤੇ ਆਰਥਿਕ ਮੱਦਦ ਦਿੱਤੀ ਗਈ ਹੈ ਅਤੇ ਅੱਗੋਂ ਵੀ ਜੋ ਲੋੜ ਮਹਿਸੂਸ ਕਰਨਗੇ ਸਹਾਇਤਾ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪਰਧਾਨ ਭਾਈ ਲੌਂਗੋਵਾਲ ਨੇ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਹੀ ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨੂੰ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਕਸ਼ਮੀਰੀ ਵਿਦਿਆਰਥੀਆਂ ਨੂੰ ਮਿਲਣ ਲਈ ਭੇਜਿਆ ਗਿਆ ਸੀ, ਜਿਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਕੀਤੀ ਹੈ। ਕਸ਼ਮੀਰ ਵਿਚ ਸੰਚਾਰ ਸਾਧਨ ਬੰਦ ਹੋਣ ਕਾਰਨ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਾਂ ਨਾਲ ਸੰਪਰਕ ਕਰਨ ਵਿਚ ਮੁਸ਼ਕਿਲ ਆਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਬੱਚਿਆਂ ਦੇ ਨਾਲ ਹੈ ਅਤੇ ਲੋੜ ਅਨੁਸਾਰ ਸਹਾਇਤਾ ਕਰਦੀ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਦੋ ਦਿਨ ਪਹਿਲਾਂ ਇਨ੍ਹਾਂ ਬੱਚਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮਿਲੇ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕਸ਼ਮੀਰੀ ਵਿਦਿਆਰਥੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਉਹ ਆਪਣੀਆਂ ਲੋੜਾਂ ਸਬੰਧੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਾਲ ਬਿਨ੍ਹਾਂ ਝਿਜਕ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਤਖਤ ਸਾਹਿਬ ਦੇ ਮੈਨੇਜਰ ਨੂੰ ਵੀ ਸਮੇਂ ਸਮੇਂ ਯੂਨੀਵਰਸਿਟੀ ਜਾ ਕੇ ਕਸ਼ਮੀਰੀ ਬੱਚਿਆਂ ਨਾਲ ਰਬਤਾ ਬਣਾਈ ਰੱਖਣ ਲਈ ਕਿਹਾ ਗਿਆ ਹੈ।