ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ੁੱਕਰਵਾਰ, ੨੬ ਹਾੜ (ਸੰਮਤ ੫੫੮ ਨਾਨਕਸ਼ਾਹੀ) ੧੦ ਜੁਲਾਈ, ੨੦੨੬ (ਅੰਗ: ੬੮੦)

ਅੰਮ੍ਰਿਤਸਰ, 24 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਕਸਬਾ ਅਟਾਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਗੁਰਦੁਆਰਾ ਸਾਹਿਬ ਪੰਚਾਇਤ ਘਰ ਅਟਾਰੀ ਵਿਖੇ ਵਾਪਰੀ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਜੋ ਮਾਮਲੇ ਦੀ ਵਿਸਥਾਰਤ ਰਿਪੋਰਟ ਦੇਣਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਅੱਗ ਲੱਗਣ ਦੀਆਂ ਘਟਨਾਵਾਂ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਵਾਪਰਦੀਆਂ ਹਨ। ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਬਿਨਾਂ ਲੋੜ ਤੋਂ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ, ਜਿਸ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦੀ ਹਾਜ਼ਰੀ ਜ਼ਰੂਰੀ ਹੋਵੇ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।