ਅੰਮ੍ਰਿਤਸਰ, ੭ ਫ਼ਰਵਰੀ– ਸੰਨ ੧੯੮੪ ਵਿਚ ਉਤਰ ਪ੍ਰਦੇਸ਼ ਦੇ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਯੂ.ਪੀ. ਸਰਕਾਰ ਵੱਲੋਂ ਚਾਰ ਮੈਂਬਰੀਂ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ੧੯੮੪ ਵਿਚ ਦਿੱਲੀ ਤੇ ਕਾਨ੍ਹਪੁਰ ਸਮੇਤ ਦੇਸ਼ ਦੇ ਹੋਰ ਸ਼ਹਿਰਾਂ ਵਿਚ ਸਿੱਖਾਂ ਨੂੰ ਸ਼ਰੇਆਮ ਅਤੇ ਬੇਰਹਿਮੀ ਨਾਲ ਮਾਰ ਮੁਕਾਇਆ ਗਿਆ। ਦੁਖ ਦੀ ਗੱਲ ਇਹ ਹੈ ਕਿ ੩੪ ਸਾਲ ਬੀਤਣ ਤੋਂ ਬਾਅਦ ਵੀ ਅਜੇ ਤੱਕ ਪੀੜਤਾਂ ਨੂੰ ਮੁਕੰਮਲ ਤੌਰ ‘ਤੇ ਇਨਸਾਫ਼ ਨਹੀਂ ਮਿਲ ਸਕਿਆ। ਇਸ ਸਮੇਂ ਦੌਰਾਨ ਕਈ ਮਾਮਲੇ ਬੰਦ ਕਰ ਦਿੱਤੇ ਗਏ ਅਤੇ ਕਈ ਦੋਸ਼ੀਆਂ ਨੂੰ ਰਾਜਸੀ ਸਰਪ੍ਰਸਤੀ ਹੋਣ ਕਰਕੇ ਉਹ ਅਜੇ ਤੱਕ ਬਚਦੇ ਰਹੇ ਹਨ। ਇਸ ਦੌਰਾਨ ਕਈ ਪੀੜਤ ਪਰਿਵਾਰਾਂ ਦੇ ਮੈਂਬਰ ਇਨਸਾਫ਼ ਨੂੰ ਤਰਸਦੇ ਇਸ ਸੰਸਾਰ ਤੋਂ ਕੂਚ ਕਰ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਨ੍ਹਪੁਰ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਯੂ.ਪੀ. ਸਰਕਾਰ ਵੱਲੋਂ ਗਠਿਤ ਕੀਤੀ ਐਸ.ਆਈ.ਟੀ. ਨਾਲ ਪੀੜਤਾਂ ਨੂੰ ਇਨਸਾਫ ਮਿਲਣ ਦੀ ਉਮੀਦ ਬੱਝੀ ਹੈ। ਉਨ੍ਹਾਂ ਆਖਿਆ ਕਿ ੧੯੮੪ ਦਾ ਸਿੱਖ ਕਤਲੇਆਮ ਅਣਮਨੁੱਖੀ ਕਰੂਰ ਕਾਰੇ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।