ਉੱਪ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਪੂਰਾ ਯਤਨ ਕਰੇਗੀ
ਅੰਮ੍ਰਿਤਸਰ 10 ਅਗਸਤ (       ) ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤੇ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲਾਦੀਨਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਹਜ਼ਾਰਾ ਸਿੰਘ ਅਤੇ ਬਾਬਾ ਹੁਕਮ ਸਿੰਘ ਦੀ ਜ਼ਮੀਨ ਐਕਵਾਇਰ ਨਾ ਕਰਨ ਬਾਰੇ ਬੇਨਤੀ ਕੀਤੀ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ: ਰੂਪ ਸਿੰਘ ਨੇ ਕੇਂਦਰੀ ਫੂਡ ਤੇ ਪ੍ਰੋਸੈਸਿੰਗ ਮੰਤਰੀ ਅਤੇ ਉਪ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬ ਬਾਬਾ ਹਜ਼ਾਰਾ ਸਿੰਘ ਅਤੇ ਬਾਬਾ ਹੁਕਮ ਸਿੰਘ ਵਾਕਿਆ ਪਿੰਡ ਅਲਾਦੀਨਪੁਰ, ਜ਼ਿਲ੍ਹਾ ਤਰਨਤਾਰਨ ਦੀ ਜ਼ਮੀਨ ਜਿਸ ਦਾ ਖਤੌਨੀ ਨੰਬਰ ੩੮੮ ਤੇ ਖਸਰਾ ਨੰਬਰ ੩੨//੮/੨ ਹੈ ਦੇ ਰਕਬਾ ੧ ਕਨਾਲ ੧੬ ਮਰਲੇ ਜ਼ਮੀਨ ਵਿਚੋਂ ਨੈਸ਼ਨਲ ਹਾਈਵੇ-੧੫ ਨੂੰ ਚੌੜਾ ਕਰਨ ਵਾਸਤੇ ਐਕਵਾਇਰ ਕੀਤੀ ਜਾ ਰਹੀ ਹੈ।ਉਨ੍ਹਾਂ ਕੇਂਦਰੀ ਮੰਤਰੀ ਤੇ ਉਪ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਕਿ ਇਹ ਗੁਰਦੁਆਰਾ ਸਾਹਿਬ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਪਹਿਲੇ ਸ਼ਹੀਦਾਂ ਦੀ ਯਾਦ ਵਿੱਚ ਬਣਿਆ ਹੋਇਆ ਹੈ।ਉਨ੍ਹਾਂ ਦੱਸਿਆ ਕਿ ਇਹ ਗੁਰਦੁਆਰਾ ਸਾਹਿਬ ਬਿਲਕੁਲ ਸੜਕ ਦੇ ਉਪਰ ਸੁਸ਼ੋਭਿਤ ਹੈ ਅਤੇ ਉਪਰੋਕਤ ਜ਼ਮੀਨ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਦਾ ਹਿੱਸਾ ਹੈ।ਉਨ੍ਹਾਂ ਕਿਹਾ ਕਿ ਸੰਗਤਾਂ ਦੀ ਇਸ ਧਾਰਮਿਕ ਅਸਥਾਨ ਵਿੱਚ ਬਹੁਤ ਸ਼ਰਧਾ ਹੈ।ਉਨ੍ਹਾਂ ਕਿਹਾ ਕਿ ਸੜਕ ਚੌੜੀ ਕਰਨ ਸਮੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਸੜਕ ਵਿੱਚ ਆਉਣ ਕਰਕੇ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਯਾਦ ਰਹੇ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਦੇ ਰੋਡ, ਟਰਾਂਸਪੋਰਟ ਤੇ ਹਾਈਵੇ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਵੀ ਪੱਤਰ ਲਿਖ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਤੇ ਥਾਂ ਨੂੰ ਮਹਿਫੂਜ ਰੱਖਣ ਦੀ ਮੰਗ ਕੀਤੀ ਹੈ।
ਡਾ: ਰੂਪ ਸਿੰਘ ਨੇ ਕਿਹਾ ਕਿ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੱਦੇਨਜਰ ਰੱਖਦਿਆਂ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਰਕਬਾ ਐਕਵਾਇਰ ਹੋਣ ਤੋਂ ਰੋਕਣ ਅਤੇ ਸੜਕ ਦੀ ਸੇਧ ਬਦਲੇ ਜਾਣ ਦੀ ਲੋੜ ਹੈ।ਇਸ ਸਮੇਂ ਕੇਂਦਰੀ ਫੂਡ ਤੇ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਨੇ ਮੌਕੇ ਤੇ ਹੀ ਤਰਨ-ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਦੀ ਤੁਰੰਤ ਕਾਰਵਾਈ ਕਰਨ ਲਈ ਕਿਹਾ।
ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਰਨ-ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਇਕ ਵਫਦ ਦੇ ਰੂਪ ਵਿੱਚ ਸ. ਹਰਜੀਤ ਸਿੰਘ ਲਾਲੂ ਘੁੰਮਣ ਮੀਤ ਸਕੱਤਰ, ਸ. ਸੁਖਮਿੰਦਰ ਸਿੰਘ ਐਕਸੀਅਨ ਤੇ ਸ. ਸੁਬੇਗ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨ-ਤਾਰਨ ਸਾਹਿਬ ਵੀ ਮਿਲੇ।ਡਿਪਟੀ ਕਮਿਸ਼ਨਰ ਤਰਨ-ਤਾਰਨ ਨੇ ਉਨ੍ਹਾਂ ਨੂੰ ਭਂਰੋਸਾ ਦੇਂਦਿਆਂ ਕਿਹਾ ਅਸੀਂ ਪੂਰੇ ਯਤਨ ਕਰ ਰਹੇ ਹਾਂ ਕਿ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਬਚਾ ਲਿਆ ਜਾਵੇ।ਉਨ੍ਹਾਂ ਕਿਹਾ ਕਿ ਬਹੁਤ ਜਲਦ ਸ਼੍ਰੋਮਣੀ ਕਮੇਟੀ ਦੇ ਸੁਝਾਅ ਅਨੁਸਾਰ ਪ੍ਰੋਜੈਕਟ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇਗਾ।