ਅੰਮ੍ਰਿਤਸਰ, 20 ਅਗਸਤ-
ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸਾਰਾ ਜੀਵਨ ਤਤਪਰ ਰਹੇ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ੨੪ ਅਗਸਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ੨੪ ਅਗਸਤ ਨੂੰ ਸਵੇਰੇ ੧੧:੦੦ ਵਜੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀ ਜਾਵੇਗੀ ਅਤੇ ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਣਗੇ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਕੌਮ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਜਾਂਦੀਆਂ ਹਨ ਅਤੇ ਡਾ. ਰਘਬੀਰ ਸਿੰਘ ਬੈਂਸ ਵੀ ਸਿੱਖੀ ਦੀ ਚੜ੍ਹਦੀ ਕਲਾ ਲਈ ਸਾਰਾ ਜੀਵਨ ਯਤਨਸ਼ੀਲ ਰਹੇ ਹਨ। ਉਨ੍ਹਾਂ ਦੱਸਿਆ ਕਿ ਡਾ. ਬੈਂਸ ਨੇ ਸਿੱਖ ਇਨਸਾਈਕਲੋਪੀਡੀਆ ਆਫ਼ ਸਿਖਇਜ਼ਮ ਦੀ ਰਚਨਾ ਕਰਨ ਦੇ ਨਾਲ ਨਾਲ ਪੰਜ ਮਲਟੀਮੀਡੀਆ ਸਿੱਖ ਮਿਊਜੀਅਮ ਬਣਾਉਣ ਦੀ ਸੇਵਾ ਵੀ ਕੀਤੀ ਹੈ, ਜਿਨ੍ਹਾਂ ਵਿੱਚੋਂ ਇਕ ਸ੍ਰੀ ਖਡੂਰ ਸਾਹਿਬ ਵਿਖੇ ਸਥਿਤ ਹੈ। ਉਨ੍ਹਾਂ ਦੱਸਿਆ ਕਿ ਡਾ. ਬੈਂਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ੫੦੦ ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਇਕ ਕਿਤਾਬ ਲਿਖੀ ਸੀ ਅਤੇ ਇਸ ਤੋਂ ਇਲਾਵਾ ਉਹ ਨਸ਼ਿਆਂ ਵਿਰੁੱਧ ਵੀ ਲੜਾਈ ਲੜਦੇ ਰਹੇ। ਡਾ. ਰੂਪ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਜੰਮਪਲ ਡਾ. ਰਘਬੀਰ ਸਿੰਘ ਬੈਂਸ ਨੇ ਹਮੇਸ਼ਾ ਕੌਮੀ ਸੇਵਾ ਨੂੰ ਅਹਿਮੀਅਤ ਦਿੰਦਿਆਂ ਆਪਣਾ ਜੀਵਨ ਬਤੀਤ ਕੀਤਾ।