ਅੰਮ੍ਰਿਤਸਰ, 10 ਸਤੰਬਰ- ਕੈਂਟਰਬਰੀ ਦੇ ਮੁਖੀ (ਆਰਚ ਬਿਸ਼ਪ) ਜਸਟਿਨ ਪੋਰਟਲ ਵੈਲਬੀ ਆਪਣੀ ਪਤਨੀ ਕੈਲੋਰੀਨ ਵੈਲਬੀ, ਗੁਰੂ ਨਾਨਕ ਨਿਕਸ਼ਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਅਤੇ ਹੋਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸੇ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ। ਜਸਟਿਨ ਪੋਰਟਲ ਵੈਲਬੀ ਨੂੰ ਸ੍ਰੀ ਦਰਬਾਰ ਸਾਹਿਬ ਆਉਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਸਾਂਝੇ ਤੌਰ ‘ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੈਂਟਰਬਰੀ ਦੇ ਮੁਖੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੱਬ ਦਾ ਘਰ ਹੈ, ਇਥੇ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਮਾਣ ਸਨਮਾਨ ਲਈ ਧੰਨਵਾਦ ਦੇ ਸ਼ਬਦ ਵੀ ਕਹੇ। ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਸ਼ਵ ਭਰ ਅੰਦਰ ਮਨੁੱਖੀ ਸਮੱਸਿਆਵਾਂ ਦੇ ਹੱਲ ਲਈ ਧਾਰਮਿਕ ਆਗੂ ਵੱਡੀ ਭੂਮਿਕਾ ਅਦਾ ਕਰ ਸਕਦੇ ਹਨ ਅਤੇ ਇਸ ਸਬੰਧੀ ਜਸਟਿਨ ਪੋਰਟਲ ਵੈਲਬੀ ਨਾਲ ਵਿਚਾਰਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੁਨੀਆਂ ਅੰਦਰ ਸਿੱਖ ਵੱਸਦੇ ਹਨ, ਜੋ ਹਮੇਸ਼ਾ ਵਿਸ਼ਵ ਸ਼ਾਂਤੀ, ਆਪਸੀ ਸਦਭਾਵਨਾ ਅਤੇ ਪਿਆਰ ਦੇ ਮੁਦੱਈ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਸਟਿਨ ਵੈਲਬੀ ਨਾਲ ਧਰਮ ਦੇ ਅਧਾਰ ‘ਤੇ ਹੁੰਦੇ ਵਿਤਕਰੇ ਸਬੰਧੀ ਵੀ ਚਰਚਾ ਕੀਤੀ ਹੈ। ਉਨ੍ਹਾਂ ਆਖਿਆ ਕਿ ਵਿਸ਼ਵ ਭਰ ਵਿਚ ਸੁੱਖ ਸ਼ਾਂਤੀ ਦੇ ਮੰਤਵ ਨਾਲ ਸਮੁੱਚੇ ਧਾਰਮਿਕ ਆਗੂਆਂ ਦੀਆਂ ਇਕੱਤਰਤਾਵਾਂ ਹੁੰਦੀਆਂ ਰਹਿਣੀਆਂ ਚਾਹੀਦੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਡਾ. ਪਰਮਜੀਤ ਸਿੰਘ ਸਰੋਆ, ਸ. ਬਲਵਿੰਦਰ ਸਿੰਘ ਕਾਹਲਵਾਂ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਅੰਮ੍ਰਿਤਪਾਲ ਸਿੰਘ, ਸ. ਹਰਿੰਦਰ ਸਿੰਘ ਰੋਮੀ ਆਦਿ ਮੌਜੂਦ ਸਨ।