-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਾਨੂੰ ਕਿਰਪਾ ਅਤੇ ਨਿਰਮਤਾ ਦਾ ਅਨੁਭਵ ਮਹਿਸੂਸ ਹੋਇਆ-ਜਸਟਿਨ ਟਰੂਡੋ
-ਜਸਟਿਨ ਟਰੂਡੋ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਵੀ ਕੀਤੀ ਸੇਵਾ
-ਸੂਚਨਾ ਕੇਂਦਰ ਵਿਖੇ ਸਿੱਖ ਕੌਮ ਵੱਲੋ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

 

ਅੰਮ੍ਰਿਤਸਰ, ੨੧ ਫਰਵਰੀ-
ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਦਾ ਸਮੁੱਚੇ ਸੰਸਾਰ ਦੇ ਸਿੱਖਾਂ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਸ਼ਾਨਦਾਰ ਸਵਾਗਤ ਕੀਤਾ। ਜਿਉਂ ਹੀ ਜਸਟਿਨ ਟਰੂਡੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਅਕਾਲੀ ਸਰਕਾਰ ਸਮੇਂ ਬਣੇ ਸੁੰਦਰ ਪਲਾਜ਼ਾ ਵਿਖੇ ਪਹੁੰਚੇ ਤਾਂ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਫੁੱਲਾਂ ਦੇ ਗੁਲਦਸਤਿਆਂ ਨਾਲ ਭਰਪੂਰ ਸਵਾਗਤ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਵਾਗਤ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉਚੇਚੇ ਤੌਰ’ਤੇ ਮੌਜੂਦ ਸਨ। ਜਸਟਿਨ ਟਰੂਡੋ ਠੀਕ ੧੧:੫੫ ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸੋਫੀ ਟਰੂਡੋ, ਬੇਟੀ ਅੇਲਾਗ੍ਰੇਸ ਤੇ ਇੱਕ ਬੇਟਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਕੈਨੇਡਾ ਸਰਕਾਰ ਦੇ ਚਾਰ ਸਿੱਖ/ਪੰਜਾਬੀ ਮੰਤਰੀ ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ, ਅਮਰਜੀਤ ਸਿੰਘ ਸੋਹੀ ਤੇ ਬਰਦੀਸ਼ ਕੌਰ ਚੱਗਰ ਸਮੇਤ ਹੋਰ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਵੀ ਉਨ੍ਹਾਂ ਦੇ ਨਾਲ ਸਨ। ਜਸਟਿਨ ਟਰੂਡੋ ਨੇ ਪੰਜਾਬੀ ਰਵਾਇਤੀ ਕਰੀਮ ਰੰਗ ਦਾ ਕੁੜਤਾ ਪਜ਼ਾਮਾ ਪਹਿਨਿਆ ਹੋਇਆ ਸੀ। ਉਨ੍ਹਾਂ ਦੀ ਪਤਨੀ ਅਤੇ ਬੱਚੇ ਵੀ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਨ। ਘੰਟਾ ਘਰ ਬਾਹੀ ਮੁੱਖ ਪ੍ਰਵੇਸ਼ ਦੁਆਰ ਤੋਂ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਵਿਚ ਉੱਤਰਦਿਆਂ ਹੀ ਕੈਨੇਡੀਅਨ ਪ੍ਰਧਾਨ ਮੰਤਰੀ ਅਤੇ ਉਸ ਦੇ ਪਰਿਵਾਰ ਨੇ ਕੁਝ ਪਲ ਰੁਕ ਕੇ ਰੂਹਾਨੀ ਵਾਤਾਵਰਣ ਨੂੰ ਮਹਿਸੂਸ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਖੇ ਗਏ, ਜਿਥੇ ਉਨ੍ਹਾਂ ਨੇ ਪ੍ਰਸ਼ਾਦੇ ਤਿਆਰ ਕਰਨ ਦੀ ਸੇਵਾ ਕੀਤੀ। ਉਹ ੧੨:੧੦ ਤੇ ਲੰਗਰ ਘਰ ਪਹੁੰਚੇ ਅਤੇ ੧੨:੨੦ ਤੱਕ ਉਥੇ ਰਹੇ।
ਇਸ ਤੋਂ ਬਾਅਦ ਜਸਟਿਨ ਟਰੂਡੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਤਿਕਾਰ ਭੇਟ ਕਰਦਿਆਂ ਜਿਥੇ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ, ਉਥੇ ਹੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਸਾਹਿਬ ਵੀ ਭੇਟ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ, ਫੁੱਲਾਂ ਦਾ ਹਾਰ ਅਤੇ ਗੁਲਦਸਤਾ ਗੁਰੂ ਬਖ਼ਸ਼ਿਸ਼ ਵਜੋਂ ਦਿੱਤਾ। ਇਸ ਤੋਂ ਇਲਾਵਾ ਸਿੰਘ ਸਾਹਿਬ ਨੇ ਪ੍ਰਧਾਨ ਮੰਤਰੀ ਦੇ ਪਰਿਵਾਰ ਸਮੇਤ ਸਿੱਖ/ਪੰਜਾਬੀ ਮੰਤਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸਿਰੋਪਾਓ ਦੀ ਬਖ਼ਸ਼ਿਸ ਕੀਤੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਨੇ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਨੂੰ ਪਰਕਰਮਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਇਥੇ ਸਥਿਤ ਹੋਰ ਪਾਵਨ ਅਸਥਾਨਾਂ ਦੇ ਇਤਿਹਾਸ, ਧਾਰਮਿਕ ਅਤੇ ਸਮਾਜਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ, ਜਿਸ ਨੂੰ ਉਨ੍ਹਾਂ ਗੰਭੀਰਤਾ ਨਾਲ ਸੁਣਿਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਵਿਚ ਉਨ੍ਹਾਂ ਨੂੰ ਸਿਰੋਪਾਓ, ਲੋਈ, ਸੁਨਹਿਰੀ ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਧਾਰਮਿਕ ਪੁਸਤਕਾਂ ਜਿਨ੍ਹਾਂ ਵਿਚ ਸ. ਰਣਜੋਧ ਸਿੰਘ, ਟੀ. ਪੀ. ਸਿੰਘ ਅਤੇ ਡਾ. ਰੂਪ ਸਿੰਘ ਦੀਆਂ ਸਚਿੱਤਰ ਪੁਸਤਕਾਂ ਵੀ ਸ਼ਾਮਲ ਸਨ, ਦਾ ਸੈੱਟ ਦਿੱਤਾ ਗਿਆ। ਇਸ ਦੌਰਾਨ ਜਸਟਿਨ ਟਰੂਡੋ ਦੇ ਪਰਿਵਾਰ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਵਿਜ਼ਟਰ ਬੁੱਕ ਵਿਚ ਲਿਖਿਆ ਕਿ ‘ਉਨ੍ਹਾਂ ਲਈ ਵੱਡੇ ਮਾਣ ਦੀ ਗੱਲ ਹੈ ਕਿ ਉਨ੍ਹਾਂ ਨੂੰ ਇੱਕ ਖ਼ੂਬਸੂਰਤ ਅਤੇ ਮਹਾਨ ਪਾਵਨ ਅਸਥਾਨ ਦੇ ਦਰਸ਼ਨ ਕਰਨ ਸਮੇਂ ਬੇਹੱਦ ਸਤਿਕਾਰ ਪ੍ਰਾਪਤ ਹੋਇਆ ਹੈ। ਇਥੇ ਨਤਮਸਤਕ ਹੋ ਕੇ ਸਾਨੂੰ ਪ੍ਰਭੂ ਕਿਰਪਾ ਅਤੇ ਨਿਰਮਤਾ ਦਾ ਅਨੁਭਵ ਮਹਿਸੂਸ ਹੋਇਆ ਹੈ।’

ਜਸਟਿਨ ਟਰੂਡੋ ਨੇ ਪਰਕਰਮਾ ਵਿਚ ਖੜ੍ਹ ਕੇ ਖਿਚਵਾਈਆਂ ਤਸਵੀਰਾਂ

ਲੰਗਰ ਸੇਵਾ ਕਰਨ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੰਗਰ ਬਾਹੀ ਪਰਕਰਮਾ ਵਿਚ ਖੜ੍ਹ ਕੇ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਤਸਵੀਰਾਂ ਖਿਚਵਾਈਆਂ। ਉਨ੍ਹਾਂ ਨਾਲ ਤਸਵੀਰਾਂ ਖਿਚਵਾਉਣ ਵਾਲਿਆਂ ਵਿਚ ਕੈਨੇਡਾ ਸਰਕਾਰ ਵਿਚ ਸਿੱਖ/ਪੰਜਾਬੀ ਮੰਤਰੀ ਸ. ਹਰਜੀਤ ਸਿੰਘ ਸੱਜਣ, ਸ. ਨਵਦੀਪ ਸਿੰਘ ਬੈਂਸ, ਸ. ਅਮਰਜੀਤ ਸਿੰਘ ਸੋਹੀ, ਬਰਦੀਸ਼ ਕੌਰ ਚੱਗਰ, ਸੁੱਖ ਧਾਲੀਵਾਲ, ਰਾਜ ਗਰੇਵਾਲ, ਭਾਰਤ ਦੇ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ, ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਕੈਨੇਡਾ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਪਾਰਲੀਮੈਂਟ ਮੈਂਬਰ ਵਿਸ਼ੇਸ਼ ਸਨ।
ਸੰਗਤਾਂ ਨੇ ਕੀਤਾ ਭਰਪੂਰ ਸਵਾਗਤ
ਜਸਟਿਨ ਟਰੂਡੋ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾ ਕਰਦਿਆਂ ਸੰਗਤਾਂ ਨੇ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ। ਇਹ ਪਹਿਲੀ ਵਾਰ ਸੀ ਕਿ ਕਿਸੇ ਵੱਡੀ ਵਿਦੇਸ਼ੀ ਸ਼ਖ਼ਸੀਅਤ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜਣ ‘ਤੇ ਸੰਗਤਾਂ ਵੱਲੋਂ ਏਨਾ ਸਤਿਕਾਰ ਦਿੱਤਾ ਗਿਆ ਹੋਵੇ। ਪਰਕਰਮਾ ਕਰਦਿਆਂ ਜਿਥੇ ਸੰਗਤਾਂ ਉਨ੍ਹਾਂ ਨੂੰ ਦੋਵੇਂ ਹੱਥ ਜੋੜ ਕੇ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਉਨ੍ਹਾਂ ਦਾ ਸਵਾਗਤ ਕਰ ਰਹੀਆਂ ਸਨ, ਉਥੇ ਹੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਨੇ ਦੋਵੇਂ ਹੱਥ ਜੋੜ ਕੇ ਜਵਾਬੀ ਸਤਿਕਾਰ ਦਿੱਤਾ। ਇਥੇ ਵੀ ਦੱਸਣਯੋਗ ਹੈ ਕਿ ਜਸਟਿਨ ਟਰੂਡੋ ਨੇ ਪਰਕਰਮਾ ਕਰਦਿਆਂ ਕਰੀਬ ੧੦ ਵਾਰ ਫ਼ਤਹਿ ਬੁਲਾਈ ਅਤੇ ਸੰਗਤ ਦੇ ਜੈਕਾਰਿਆਂ ਦਾ ਜਵਾਬ ਵੀ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾ ਵਿਚ ਮੁਲਾਜ਼ਮਾਂ ਦੀ ਮਨੁੱਖੀ ਕੜੀ ਬਣਾ ਕੇ ਸੰਗਤ ਦੀ ਆਵਾਜਾਈ ਬਰਾਂਡਿਆਂ ਵਿਚ ਦੀ ਕੀਤੀ ਹੋਈ ਸੀ ਅਤੇ ਸੰਗਤਾਂ ਵੱਲੋਂ ਇਸ ਪ੍ਰਬੰਧ ਵਿਚ ਮੁਕੰਮਲ ਤੌਰ ‘ਤੇ ਸਹਿਯੋਗ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਨੇ ਲਗਾਏ ਸਵਾਗਤੀ ਬੋਰਡ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਦਾ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ਤੇ ਪਲਾਜ਼ਾ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ, ਉਥੇ ਹੀ ਸ੍ਰੀ ਗੁਰੂ ਰਾਮਦਾਸ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤੱਕ ਸਾਰੇ ਮਾਰਗ ‘ਤੇ ਲਗਾਏ ਗਏ ਸਵਾਗਤੀ ਬੋਰਡ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਸ਼੍ਰੋਮਣੀ ਕਮੇਟੀ ਵੱਲੋਂ ਵੱਡੀ ਗਿਣਤੀ ਵਿਚ ਲਗਾਏ ਗਏ ਇਹ ਸਵਾਗਤੀ ਬੋਰਡ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿਚ ਸਨ। ਕੁਝ ਬੋਰਡਾਂ ‘ਤੇ ਜਸਟਿਨ ਟਰੂਡੋ ਦੀ ਤਸਵੀਰ ਦੇ ਨਾਲ ਕੇਵਲ ਸ਼੍ਰੋਮਣੀ ਕਮੇਟੀ ਪ੍ਰਮੁੱਖ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਤਸਵੀਰ ਸੀ ਅਤੇ ਕੁਝ ਬੋਰਡਾਂ ‘ਤੇ ਕੈਨੇਡਾ ਸਰਕਾਰ ਵਿਚ ਸ਼ਾਮਲ ਚਾਰ ਸਿੱਖ/ਪੰਜਾਬੀ ਮੰਤਰੀਆਂ ਦੀਆਂ ਤਸਵੀਰਾਂ ਵੀ ਪ੍ਰਦਰਸ਼ਤ ਕੀਤੀਆਂ ਹੋਈਆਂ ਸਨ। ਇਹ ਬੋਰਡ ਸ਼੍ਰੋਮਣੀ ਕਮੇਟੀ ਵੱਲੋਂ ਜਸਟਿਨ ਟਰੂਡੋ ਦੇ ਸਵਾਗਤ ਲਈ ਅਪਣਾਈ ਗਈ ਪਹੁੰਚ ਦਾ ਹਿੱਸਾ ਸਨ।

ਵਿਸ਼ਵ ਅੰਦਰ ਸਿੱਖਾਂ ਦੀ ਵਿਲੱਖਣ ਪਛਾਣ ਨੂੰ ਬਲ ਮਿਲੇਗਾ-ਭਾਈ ਲੌਂਗੋਵਾਲ

ਜਸਟਿਨ ਟਰੂਡੋ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਵੱਲੋਂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਵਿਖੇ ਨਤਮਸਤਕ ਹੋਣ ਨਾਲ ਵਿਸ਼ਵ ਭਰ ਵਿਚ ਸਿੱਖ ਪਛਾਣ ਨੂੰ ਬਲ ਮਿਲੇਗਾ, ਉਥੇ ਹੀ ਵਿਦੇਸ਼ਾਂ ਅੰਦਰ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਨੂੰ ਵੀ ਯਕੀਨਨ ਠੱਲ੍ਹ ਪਵੇਗੀ। ਉਨ੍ਹਾਂ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸੰਗਤ ਵੱਲੋਂ ਦਿੱਤੇ ਗਏ ਭਰਪੂਰ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸਮੇਤ ਸਮੁੱਚੇ ਮੁਲਾਜ਼ਮਾਂ ਦਾ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਧੰਨਵਾਦ ਵੀ ਕੀਤਾ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਗੁਰਿੰਦਰਪਾਲ ਸਿੰਘ ਗੋਰਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ, ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਅਵਤਾਰ ਸਿੰਘ ਸੈਂਪਲਾ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਗੁਰਿੰਦਰ ਸਿੰਘ ਮਥਰੇਵਾਲ ਸਮੇਤ ਹੋਰ ਹਾਜ਼ਰ ਸਨ।