ਡਿਪਟੀ ਕਮਿਸ਼ਨਰ ਤੇ ਪੁਲਿਸ ਅਧਿਕਾਰੀਆਂ ਨਾਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਹੋਰਾਂ ਨੇ ਕੀਤੀ ਬੈਠਕ

ਤਰਨ ਤਾਰਨ, 19 ਮਾਰਚ- ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸੰਗਤ ਲਈ ਚੇਤਨਾ ਫੈਲਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਕਾਰਜ ਨਿਰੰਤਰ ਜਾਰੀ ਹਨ, ਉਥੇ ਹੀ ਤਰਨ ਤਾਰਨ ਜ਼ਿਲ੍ਹੇ ਅੰਦਰ ਪੈਂਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਵੀ ਸੰਗਤਾਂ ਲਈ ਪ੍ਰਬੰਧਕੀ ਤੇਜ਼ੀ ਲਿਆਂਦੀ ਗਈ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਹੋਰ ਅਧਿਕਾਰੀਆਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸਭਰਵਾਲ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨ ਤਾਰਨ ਅੰਦਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਝਬਾਲ ਸਮੇਤ ਹੋਰ ਇਤਿਹਾਸਕ ਅਸਥਾਨ ਸੁਸ਼ੋਭਿਤ ਹਨ। ਕੋਰੋਨਾਵਾਇਰਸ ਦੀ ਵਿਸ਼ਵ ਪੱਧਰੀ ਭਿਆਨਕਤਾ ਨੂੰ ਦੇਖਦਿਆਂ ਇਨ੍ਹਾਂ ਗੁਰਦੁਆਰਾ ਸਾਹਿਬਾਨ ਅੰਦਰ ਜਿਥੇ ਸੰਗਤ ਲਈ ਪ੍ਰੇਰਣਾ ਕਰਨ ਲਈ ਸੇਵਾਦਾਰਾਂ ਨੂੰ ਸੁਚੇਤ ਕੀਤਾ ਗਿਆ ਹੈ, ਉਥੇ ਹੀ ਪ੍ਰਵੇਸ਼ ਦਰਵਾਜ਼ਿਆਂ ’ਤੇ ਹੱਥਾਂ ਦੀ ਸਾਫ਼-ਸਫ਼ਾਈ ਲਈ ਵੀ ਪ੍ਰਬੰਧ ਕੀਤੇ ਗਏ ਹਨ। ਸੇਵਾਦਾਰਾਂ ਨੂੰ ਸੈਨੇਟਾਈਜ਼ਰ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਸੰਗਤ ਦੇ ਹੱਥ ਸਾਫ਼ ਕਰਵਾਏ ਜਾ ਸਕਣ। ਇਸ ਦੇ ਨਾਲ ਹੀ ਪਰਕਰਮਾ ਅੰਦਰ ਸੰਗਤਾਂ ਨੂੰ ਇਕ ਦੂਸਰੇ ਤੋਂ ਦੂਰੀ ਬਣਾ ਕੇ ਚੱਲਣ ਲਈ ਪ੍ਰੇਰਿਆ ਜਾ ਰਿਹਾ ਹੈ। ਲੰਗਰ, ਕੜਾਹ ਪ੍ਰਸ਼ਾਦ ਆਦਿ ਥਾਵਾਂ ’ਤੇ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵੀ ਸਾਫ਼-ਸਫ਼ਾਈ ਲਈ ਖ਼ਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਗੁਰੂ ਘਰ ਅੰਦਰ ਸੰਗਤੀ ਪ੍ਰਬੰਧਾਂ ਨੂੰ ਲੈ ਕੇ ਸੁਚੇਤ ਹੈ ਅਤੇ ਸਰਕਾਰ ਨਾਲ ਸਾਂਝੇ ਉੱਦਮ ਤਹਿਤ ਸੰਗਤ ਦੀ ਸੁਰੱਖਿਆ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਕਿਉਂਕਿ ਸੰਗਤ ਦੀ ਸ਼ਰਧਾ ਨਾਲ ਜੁੜੇ ਹੋਏ ਹਨ, ਇਸ ਲਈ ਸੰਗਤ ਦੀ ਆਮਦ ਨਿਰੰਤਰ ਬਣੀ ਰਹਿੰਦੀ ਹੈ। ਪਰੰਤੂ ਮਨੁੱਖਤਾ ’ਤੇ ਆਏ ਇਸ ਸੰਕਟ ਦੇ ਮੱਦੇਨਜ਼ਰ ਸਾਡਾ ਸਭ ਦਾ ਫ਼ਰਜ਼ ਹੈ ਕਿ ਇਕ ਦੂਸਰੇ ਦੇ ਸਹਿਯੋਗ ਨਾਲ ਇਸ ਸੰਕਟ ਵਿੱਚੋਂ ਨਿਕਲਣ ਲਈ ਯਤਨ ਕਰੀਏ। ਡਾ. ਰੂਪ ਸਿੰਘ ਅਨੁਸਾਰ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਅਪਨਾਉਣਾ ਸਾਡਾ ਸਭ ਦਾ ਫ਼ਰਜ਼ ਹੈ। ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਸਮੇਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਸਕੱਤਰ ਸਿੰਘ, ਪੁਲਿਸ ਅਧਿਕਾਰੀ ਸ. ਜਗਜੀਤ ਸਿੰਘ ਵਾਲੀਆ, ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਪਲਵਿੰਦਰ ਸਿੰਘ ਆਦਿ ਮੌਜੂਦ ਸਨ।