ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਵੱਲੋਂ ਪ੍ਰਬੰਧਕੀ ਵਿਚਾਰਾਂ ਲਈ ਕੀਤੀ ਗਈ ਬੈਠਕ

ਅੰਮ੍ਰਿਤਸਰ, 12 ਜੂਨ- ਕੋਰੋਨਾ ਮਹਾਮਾਰੀ ਕਾਰਨ ਬਣੇ ਹੋਏ ਅਣਸੁਖਾਵੇਂ ਹਾਲਾਤਾਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਲਈ ਸਾਵਧਾਨੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਚੇਤ ਰੂਪ ਵਿਚ ਕਾਰਜਸ਼ੀਲ ਹੈ। ਇਕ ਵਾਰ ਮੁੜ ਕੋਰੋਨਾ ਦਾ ਪ੍ਰਕੋਪ ਵੱਧਣ ਕਾਰਨ ਸ਼੍ਰੋਮਣੀ ਕਮੇਟੀ ਨੇ ਸੇਵਾਦਾਰਾਂ ਨੂੰ ਹਰ ਪੱਧਰ ’ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਯਕੀਨੀ ਬਣਾਈ ਰੱਖਣ ਲਈ ਆਖਿਆ ਹੈ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਸ਼ਰਧਾਲੂਆਂ ਨੂੰ ਆਪਸੀ ਦੂਰੀ ਬਣਾਈ ਰੱਖਣ ਅਤੇ ਸਿਹਤ ਵਿਭਾਗ ਵੱਲੋਂ ਸੁਝਾਈਆਂ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕੀਤਾ ਜਾਵੇ। ਇਹ ਸਮਾਂ ਬੇਹੱਦ ਸੰਜੀਦਾ ਹੈ ਅਤੇ ਕਿਸੇ ਕਿਸਮ ਦੀ ਵੀ ਲਾਪ੍ਰਵਾਹੀ ਨਾ ਵਰਤੀ ਜਾਵੇ। ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਬੇਸ਼ੱਕ ਪਹਿਲਾਂ ਤੋਂ ਹੀ ਸੁਚੇਤ ਰੂਪ ਵਿਚ ਕਾਰਜਸ਼ੀਲ ਹੈ, ਪਰੰਤੂ ਇਕ ਵਾਰ ਮੁੜ ਕੋਰੋਨਾ ਦਾ ਪ੍ਰਕੋਪ ਵੱਧਣ ਕਾਰਨ ਹੋਰ ਵੀ ਚੇਤੰਨਤਾ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਡਿਊਟੀ ਕਰਨ ਵਾਲੇ ਹਰ ਸੇਵਾਦਾਰ ਨੂੰ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸੰਗਤ ਨੂੰ ਸੁਚੇਤ ਕਰਨ ਲਈ ਆਖਿਆ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸ਼ਰਧਾਲੂਆਂ ਪ੍ਰੇਮੀਆਂ ਨੂੰ ਵੀ ਅਹਿਤਿਆਤ ਵਰਤਣ ਲਈ ਬੇਨਤੀ ਕੀਤੀ ਗਈ ਹੈ। ਭਾਈ ਮਹਿਤਾ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਬੰਧਕਾਂ ਨੂੰ ਸਹਿਯੋਗ ਦੇਣ ਅਤੇ ਕਿਸੇ ਕਿਸਮ ਦੀ ਲਾਪ੍ਰਵਾਹੀ ਨਾ ਵਰਤਣ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਆਪਣਾ ਖਿਆਲ ਰੱਖਿਆ ਜਾਵੇ, ਤਾਂ ਜੋ ਕੋਰੋਨਾ ਦੀ ਨਾਮੁਰਾਦ ਬਿਮਾਰੀ ਤੋਂ ਬਚਿਆ ਜਾ ਸਕੇ। ਇਕੱਤਰਤਾ ਵਿਚ ਸਕੱਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਸੁਖਮਿੰਦਰ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਬਘੇਲ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਜਗਤਾਰ ਸਿੰਘ ਸ਼ਹੂਰਾ, ਸ. ਮਲਕੀਤ ਸਿੰਘ ਸੁਪ੍ਰਿੰਟੈਂਡੈਂਟ ਆਦਿ ਸ਼ਾਮਲ ਸਨ।