ਅੰਮ੍ਰਿਤਸਰ, 1 ਮਈ-
ਕੋਰੋਨਾਵਾਇਰਸ ਮਹਾਂਮਾਰੀ ਵਿਰੁੱਧ ਮੋਹਰਲੀ ਕਤਾਰ ਵਿਚ ਕਾਰਜਸ਼ੀਲ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 3 ਮਈ 2020 ਨੂੰ ਪਾਏ ਜਾਣਗੇ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਸੁਲਤਾਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਮੌਜੂਦਾ ਸੰਕਟਮਈ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਮਨੁੱਖਤਾ ਦੇ ਭਲੇ ਲਈ ਕੰਮ ਕਰ ਰਹੇ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ, ਮੀਡੀਆ ਕਰਮੀਆਂ ਅਤੇ ਸਫ਼ਾਈ ਨਾਲ ਸਬੰਧਤ ਮੁਲਾਜ਼ਮਾਂ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਓਟ ਆਸਰਾ ਮਨੁੱਖਤਾ ਲਈ ਧਰਵਾਸ ਹੈ ਅਤੇ ਸਿੱਖ ਧਰਮ ਅੰਦਰ ਅਰਦਾਸ ਦਾ ਵੱਡਾ ਮਹੱਤਵ ਹੈ। ਉਨ੍ਹਾਂ ਦੱਸਿਆ ਕਿ 3 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੇਵਾ ਵਿਚ ਕਾਰਜਸ਼ੀਲ ਕਰਮਚਾਰੀਆਂ ਦੇ ਨਾਲ-ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਲੰਗਰ ਸ੍ਰੀ ਰਾਮਦਾਸ ਜੀ ਲਈ ਮਾਇਆ ਭੇਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 25 ਹਜ਼ਾਰ ਰੁਪਏ ਭੇਟ ਕੀਤੇ ਗਏ ਹਨ। ਉਨ੍ਹਾਂ ਇਸ ਰਾਸ਼ੀ ਦਾ ਚੈੱਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਸੌਂਪਿਆ। ਮੌਜੂਦਾ ਕੋਰੋਨਾ ਸੰਕਟ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਲਈ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਾਈ ਮਹਿਤਾ ਨੇ ਕਿਹਾ ਕਿ ਇਸ ਸਮੇਂ ਮਨੁੱਖੀ ਹਮਦਰਦੀ ਲਈ ਹਰ ਇਕ ਆਪਣੀ ਸਮਰੱਥਾ ਅਨੁਸਾਰ ਹਿੱਸਾ ਪਾਉਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸਿੱਖ ਧਰਮ ਅੰਦਰ ਲੰਗਰ ਪ੍ਰਥਾ ਦੀ ਵੱਡੀ ਮਹਾਨਤਾ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਏ ਗਏ ਲੰਗਰ ਦੀ ਵਿਲੱਖਣਤਾ ਕਰਕੇ ਅੱਜ ਸਿੱਖ ਕੌਮ ਦੀ ਪੂਰੇ ਵਿਸ਼ਵ ਅੰਦਰ ਪਹਿਚਾਣ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।