ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 6 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਇਕ ਵਿਵਾਦਤ ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਗਰੇਜ਼ੀ ਦੇ ਇਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿਚ ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ ਬੋਰਡ’ ਦੇ ਮੰਚ ’ਤੇ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਮੌਕਾ ਦੇਣ ਦੀ ਗੱਲ ਕਰਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਘੱਲੂਘਾਰਾ ਹਫ਼ਤੇ ਦੌਰਾਨ ਸਿੱਖ ਕੌਮ ਭਾਵੁਕ ਪਲਾਂ ਵਿੱਚੋਂ ਲੰਘ ਰਹੀ ਹੈ, ਜਦਕਿ ਦੂਜੇ ਪਾਸੇ ਬੀਬੀ ਜਗੀਰ ਕੌਰ ਸਿੱਖ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਜਮਾਤ ਦਾ ਸ਼੍ਰੋਮਣੀ ਕਮੇਟੀ ਚੋਣਾਂ ਲਈ ਸਵਾਗਤ ਕਰ ਰਹੀ ਹੈ। ਇਹ ਸਿੱਖ ਵਿਰੋਧੀ ਵਿਚਾਰਧਾਰਾ ਨੂੰ ਪ੍ਰਫੁੱਲਤ ਕਰਨ ਦੀ ਕੋਝੀ ਹਰਕਤ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਬੀ ਜਗੀਰ ਕੌਰ ਆਪਣੇ ਸਿਆਸੀ ਹਿੱਤਾਂ ਲਈ ਕੌਮੀ ਹਿੱਤ ਭੁੱਲ ਰਹੇ ਹਨ। ਜੇਕਰ ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਦੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਬੀਬੀ ਜਗੀਰ ਕੌਰ ਮੰਚ ਦੇਣਾ ਚਾਹੁੰਦੇ ਹਨ ਤਾਂ ਇਸ ਦਾ ਸਿੱਧਾ ਅਰਥ ਇਹ ਹੈ ਕਿ ਉਹ ਸਿੱਖ ਨਸਲਕੁਸ਼ੀ ਨੂੰ ਮਾਨਤਾ ਦੇ ਰਹੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ-ਸੰਭਾਲ ਹਮੇਸ਼ਾ ਹੀ ਪੰਥ ਹਤੈਸ਼ੀ ਲੋਕਾਂ ਦੇ ਹੱਥਾਂ ਵਿਚ ਰਹੀ ਹੈ ਅਤੇ ਭਵਿੱਖ ਵਿਚ ਵੀ ਪੰਥਕ ਸੋਚ ਵਾਲੇ ਲੋਕ ਹੀ ਸੰਗਤਾਂ ਵੱਲੋਂ ਚੁਣੇ ਜਾਣਗੇ। ਕੇਵਲ ਗੁਰਦੁਆਰਾ ਸਾਹਿਬਾਨ ’ਤੇ ਕਾਬਜ਼ ਹੋਣ ਦੀ ਨੀਅਤ ਨਾਲ ਚੋਣਾਂ ਲੜਨ ਵਾਲੇ ਲੋਕਾਂ ਨੂੰ ਸੰਗਤਾਂ ਮੂੰਹ ਨਹੀਂ ਲਗਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ, ਪਰ ਅਜਿਹਾ ਕਰਨ ਵਾਲਿਆਂ ਨੂੰ ਕਦੇ ਸਫਲਤਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਤਤਕਾਲੀ ਮੁੱਖ ਮੰਤਰੀ ਸ. ਪ੍ਰਤਾਪ ਸਿੰਘ ਕੈਰੋਂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਸਮਿਆਂ ਦੌਰਾਨ ਗੁਰੂ ਘਰਾਂ ’ਤੇ ਕਬਜ਼ੇ ਦਾ ਕੋਝਾ ਯਤਨ ਕੀਤਾ ਪਰ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ। ਹੁਣ ਬੀਬੀ ਜਗੀਰ ਕੌਰ ਇਸੇ ਰਸਤੇ ’ਤੇ ਚੱਲ ਕੇ ਗੁਰੂ ਘਰਾਂ ਦਾ ਪ੍ਰਬੰਧ ਹਥਿਆਉਣਾ ਚਾਹੁੰਦੇ ਹਨ। ਉਨ੍ਹਾਂ ਦੇ ਬਿਆਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਲਈ ਪੰਥ ਵਿਰੋਧੀਆਂ ਦਾ ਸਹਾਰਾ ਲੈਣ ਤੋਂ ਗੁਰੇਜ ਨਹੀਂ ਕਰਨਗੇ। ਕੀ ਇਹ ਪੰਥਕ ਸੇਵਾ ਵੱਲ ਵੱਧਦਾ ਕਦਮ ਹੈ ਜਾਂ ਸਿੱਖ ਸੰਸਥਾਵਾਂ ਨੂੰ ਪੰਥ ਵਿਰੋਧੀਆਂ ਦੇ ਹੱਥਾਂ ਵਿਚ ਦੇਣ ਦੀ ਪਰਕਿਰਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੇ ਬਿਆਨ ਨੇ ਉਸ ਦੀ ਹਕੀਕਤ ਸੰਗਤ ਸਾਹਮਣੇ ਰੱਖ ਦਿੱਤੀ ਹੈ ਅਤੇ ਹੁਣ ਉਸ ਦੀ ਅਖੌਤੀ ਪੰਥਕ ਵਿਚਾਰਧਾਰਾ ਬਾਰੇ ਕੋਈ ਭੁਲੇਖਾ ਨਹੀਂ ਰਹਿ ਗਿਆ।